ਚੰਡੀਗੜ੍ਹ (Nri Media) : ਦਿੱਲੀ ਵਿੱਚ ਐਤਵਾਰ ਨੂੰ ਜਵਾਹਰਲਾਲ ਨਹਿਰੂ ਯੂਨੀਵਰਸਿਟੀ ਵਿੱਚ ਹੋਈ ਭੀੜ ਹਿੰਸਾ ਤੋਂ ਬਾਅਦ ਦੇਸ਼ ਭਰ ਵਿੱਚ ਉਸ ਦਾ ਵਿਰੋਧ ਜਾਰੀ ਹੈ। ਪੰਜਾਬ ਵਿੱਚ ਵੀ ਜੇਐਨਯੂ ਵਿੱਚ ਹੋਈ ਹਿੰਸਾ ਤੋਂ ਬਾਅਦ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੇ ਚੱਲਦਿਆ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ।ਦਿੱਲੀ ਵਿੱਚ ਹੋਈ ਜੇਐਨਯੂ ਹਿੰਸਾ ਦਾ ਜਿੱਥੇ ਦੇਸ਼ ਭਰ ਵਿੱਚ ਵਿਰੋਧ ਕੀਤਾ ਜਾ ਰਿਹਾ ਹੈ, ਉੱਥੇ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਵੀ ਇਸ ਹਿੰਸਾ ਵਿਰੁੱਧ ਪ੍ਰਦਰਸ਼ਨ ਜਾਰੀ ਹੈ। ਇਸ ਸਥਿਤੀ ਉੱਤੇ ਪੰਜਾਬ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਕੈਪਟਨ ਨੇ ਪੰਜਾਬ ਪੁਲਿਸ ਨੂੰ ਨਿਰਦੇਸ਼ ਦੇ ਦਿੱਤੇ ਹਨ।
ਉਨ੍ਹਾਂ ਨੇ ਚੇਤਾਵਨੀ ਦਿੱਤੀ ਹੈ ਕਿ ਰਾਜ ਵਿੱਚ ਸ਼ਾਂਤੀ ਭੰਗ ਕਰਨ ਦੀ ਆਗਿਆ ਕਿਸੇ ਨੂੰ ਵੀ ਨਹੀਂ ਦਿੱਤੀ ਜਾਵੇਗੀ।ਮੁੱਖ ਮੰਤਰੀ ਕੈਪਟਨ ਨੇ ਜੇਐਨਯੂ ਹਮਲੇ ਦੀ ਘਟਨਾ ਨੂੰ ਦਿਲ ਦਹਿਲਾ ਦੇਣ ਵਾਲੀ ਤੇ ਜ਼ੁਲਮ ਢਾਹੁਣ ਵਾਲਾ ਦੱਸਿਆ। ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਉੱਤੇ ਸਰਕਾਰ ਵਲੋਂ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਪੁਲਿਸ ਪ੍ਰਮੁੱਖ ਯੂਨੀਵਰਸਿਟੀ ਵਿੱਚ ਗੁੰਡਿਆਂ ਵਲੋਂ ਮਚਾਈ ਤਬਾਹੀ ਦੀ ਮੂਕ ਦਰਸ਼ਕ ਬਣ ਕੇ ਨਹੀਂ ਰਹਿ ਸਕਦੀ ਹੈ।ਜ਼ਿਕਰਯੋਗ ਹੈ ਕਿ ਬੀਤੇ ਐਤਵਾਰ ਨੂੰ ਜੇਐਨਯੂ ਵਿੱਚ ਨਕਾਬ ਬੰਨ੍ਹ ਕੇ ਆਏ ਲੋਕਾਂ ਨੇ ਕੈਂਪਸ ਅੰਦਰ ਅਧਿਆਪਕਾਂ ਅਤੇ ਵਿਦਿਆਰਥੀਆਂ 'ਤੇ ਹਮਲਾ ਕਰ ਦਿੱਤਾ।
ਜੇਐਨਯੂ ਵਿਦਿਆਰਥੀ ਯੂਨੀਅਨ ਨੇ ਦਾਅਵਾ ਕੀਤਾ ਕਿ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਨੇ ਹਿੰਸਾ ਕੀਤੀ ਹੈ। ਬੀਤੀ ਸ਼ਾਮ 6:30 ਵਜੇ ਤਕਰੀਬਨ 50 ਗੁੰਡੇ ਜੇਐਨਯੂ ਕੈਂਪਸ ਵਿੱਚ ਦਾਖ਼ਲ ਹੋ ਗਏ ਅਤੇ ਵਿਦਿਆਰਥੀਆਂ 'ਤੇ ਹਮਲਾ ਕਰਨਾ ਸ਼ੁਰੂ ਕਰ ਦਿੱਤਾ। ਇਨ੍ਹਾਂ ਨੇ ਕੈਂਪਸ ਵਿੱਚ ਮੌਜੂਦ ਕਾਰਾਂ ਨੂੰ ਨਿਸ਼ਾਨਾ ਬਣਾਇਆ ਅਤੇ ਹੋਸਟਲ ਵਿੱਚ ਵੀ ਭੰਨਤੋੜ ਕੀਤੀ। ਹਮਲਾਵਰਾਂ ਨੇ ਹੋਸਟਲ 'ਤੇ ਪੱਥਰਬਾਜ਼ੀ ਕੀਤੀ ਅਤੇ ਯੂਨੀਵਰਸਿਟੀ ਨੂੰ ਵੀ ਨੁਕਸਾਨ ਪਹੁੰਚਾਇਆ। ਦੱਸ ਦਈਏ ਕਿ ਹਮਲੇ ਦੌਰਾਨ ਵਿਦਿਆਰਥੀ ਸਭਾ ਦੀ ਪ੍ਰਧਾਨ ਆਈਸ਼ੀ ਘੋਸ਼ ਬੁਰੀ ਤਰ੍ਹਾਂ ਜ਼ਖਮੀ ਹੋ ਗਈ ਸੀ। ਇਸ ਘਟਨਾ ਤੋਂ ਬਾਅਦ ਦੇਸ਼ ਭਰ ਵਿੱਚ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ।