ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪੁਲੀਸ ਫੋਰਸ ਨੂੰ ਸੂਬਾ ਭਰ ਵਿਚ ਪੁਲੀਸ ਦੇ ਕੰਮਕਾਜ ਵਿਚ ਹੋਰ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਆਖਿਆ ਤਾਂ ਕਿ ਅਮਨ-ਕਾਨੂੰਨ ਦੀ ਵਿਵਸਥਾ ਵਿਚ ਆਮ ਲੋਕਾਂ ਦਾ ਭਰੋਸਾ ਪੈਦਾ ਕੀਤਾ ਜਾ ਸਕੇ।
ਚੁਣੌਤੀਆਂ ਦਾ ਜ਼ਿਕਰ ਕਰਦੇ ਹੋਏ ਚੰਨੀ ਨੇ ਹੇਠਲੇ ਪੱਧਰ ਤੋਂ ਲੈ ਕੇ ਸਿਖਰਲੇ ਅਫਸਰਾਂ ਤੱਕ ਸਮੁੱਚੀ ਪੁਲੀਸ ਫੋਰਸ ਨੂੰ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ, ਨਸ਼ੇ ਦੀ ਸਪਲਾਈ ਲਾਈਨ ਤੋੜਨ, ਨਜਾਇਜ਼ ਸ਼ਰਾਬ ਦਾ ਕਾਰੋਬਾਰ ਖਤਮ ਕਰਨ ਅਤੇ ਰੇਤ ਮਾਫੀਏ ਨਾਲ ਕਰੜੇ ਹੱਥੀਂ ਨਿਪਟਣ ਲਈ ਇਕਜੁਟਤਾ ਨਾਲ ਕੰਮ ਕਰਨ ਲਈ ਕਿਹਾ।
ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਸਾਡੇ ਨੌਜਵਾਨਾਂ ਨੂੰ ਨਸ਼ਿਆਂ ਦੀ ਅਲਾਮਤ ਦਾ ਸ਼ਿਕਾਰ ਬਣਾਉਣ ਵਾਲੇ ਨਸ਼ਾ ਤਸਕਰਾਂ ਦੀ ਸ਼ਨਾਖ਼ਤ ਕਰਨ ਲਈ ਪੁਲੀਸ ਨੂੰ ਢੁਕਵੀਂ ਪ੍ਰਣਾਲੀ ਵਿਕਸਤ ਕਰਨੀ ਚਾਹੀਦੀ ਹੈ।
ਅੱਜ ਸ਼ਾਮ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਪੁਲੀਸ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਕਰਦਿਆਂ ਚੰਨੀ ਨੇ ਅਫਸਰਾਂ ਨੂੰ ਆਪਣੀ ਡਿਊਟੀ ਸਮਰਪਿਤ ਭਾਵਨਾ, ਇਮਾਨਦਾਰੀ ਅਤੇ ਪੇਸ਼ੇਵਾਰ ਵਚਨਬੱਧਤਾ ਨਾਲ ਨਿਭਾਉਣ ਲਈ ਆਖਿਆ ਤਾਂ ਕਿ ਲੋਕਾਂ ਨੂੰ ਫਰਕ ਮਹਿਸੂਸ ਹੋਵੇ ਅਤੇ ਇਸ ਸਬੰਧ ਵਿਚ ਹੇਠਲੇ ਪੱਧਰ ਤੱਕ ਸੁਨੇਹਾ ਜਾਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਫਸਰਾਂ ਦੀਆਂ ਨਵੀਂਆ ਤਇਨਾਤੀਆਂ ਪੂਰੀ ਤਰ੍ਹਾਂ ਨਾਲ ਯੋਗਤਾ ਅਤੇ ਟਰੈਕ ਰਿਕਾਰਡ ਦੇ ਅਧਾਰ ‘ਤੇ ਕੀਤੀਆਂ ਗਈਆਂ ਹਨ ਜਿਸ ਕਰਕੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਸੁਹਿਰਦਤਾ ਅਤੇ ਇਮਾਨਦਾਰੀ ਨਾਲ ਨਿਭਾਉਣੀ ਚਾਹੀਦੀ ਹੈ ਅਤੇ ਬਿਨਾਂ ਭੇਦ-ਭਾਵ ਦੇ ਸੇਵਾਵਾਂ ਪ੍ਰਦਾਨ ਕਰਨੀਆਂ ਚਾਹੀਦੀਆਂ ਹਨ ਤਾਂ ਜੋ ਆਮ ਲੋਕਾਂ ਦਾ ਭਰੋਸਾ ਪੁਲਿਸ ਪ੍ਰਤੀ ਵਧ ਸਕੇ।
ਇਸ ਦੇ ਨਾਲ ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਵੀ ਵਿਆਕਤੀ ਨੂੰ ਨਜਾਇਜ਼ ਹਿਰਾਸਤ ਵਿਚ ਨਾ ਰੱਖਿਆ ਜਾਵੇ ਅਤੇ ਕਿਸੇ ਨੂੰ ਵੀ ਝੂਠੇ ਕੇਸਾਂ ਵਿਚ ਨਾ ਉਲਝਾ ਕੇ ਪ੍ਰੇਸ਼ਾਨ ਕੀਤਾ ਜਾਵੇ।