ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਹੈਰੋਇਨ ਤੇ 20,500 ਰੁਪਏ ਦੀ ਡਰੱਗ ਮਨੀ ਸਮੇਤ 2 ਤਸਕਰ ਗ੍ਰਿਫ਼ਤਾਰ

by nripost

ਨਵਾਂਸ਼ਹਿਰ (ਰਾਘਵ): ਸੀ. ਆਈ. ਏ. ਸਟਾਫ਼ ਨਵਾਂਸ਼ਹਿਰ ਪੁਲਸ ਨੇ 2 ਵਿਅਕਤੀਆਂ ਨੂੰ 100 ਗ੍ਰਾਮ ਹੈਰੋਇਨ ਅਤੇ 20,500 ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਐੱਸ. ਆਈ. ਜਸਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਸੀ. ਆਈ. ਏ. ਸਟਾਫ਼ ਵੱਲੋਂ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ੀ ਲਈ ਨਵਾਂਸ਼ਹਿਰ ਵੱਲ ਜਾ ਰਹੀ ਸੀ ਤਾਂ ਰੇਲਵੇ ਲਾਈਨ ਓਵਰਬ੍ਰਿਜ ਕੋਲ ਸਾਹਮਣੇ ਤੋਂ ਸਕੂਟਰ ’ਤੇ ਆ ਰਹੇ 2 ਨੌਜਵਾਨ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਏ ਅਤੇ ਸਕੂਟਰ ਸਮੇਤ ਹੇਠਾਂ ਡਿੱਗ ਗਏ।

ਐੱਸ. ਆਈ. ਨੇ ਦੱਸਿਆ ਕਿ ਉਨ੍ਹਾਂ ਵਿਚਕਾਰ ਪਿਆ ਕਾਲਾ ਲਿਫਾਫਾ ਵੀ ਹੇਠਾਂ ਡਿੱਗ ਗਿਆ। ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨਾਂ ਨੂੰ ਕਾਬੂ ਕਰ ਕੇ ਜਦੋਂ ਪੁੱਛਗਿੱਛ ਕੀਤੀ ਗਈ ਤਾਂ ਉਨ੍ਹਾਂ ਕੋਲੋਂ 100 ਗ੍ਰਾਮ ਹੈਰੋਇਨ ਅਤੇ 20,500 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਐੱਸ. ਆਈ. ਨੇ ਦੱਸਿਆ ਕਿ ਕਾਬੂ ਮੁਲਜ਼ਮਾਂ ਦੀ ਪਛਾਣ ਸੰਨੀ ਉਰਫ ਸਾਈਂ ਪੁੱਤਰ ਪ੍ਰੇਮ ਲਾਲ ਵਾਸੀ ਨਵਾਂਸ਼ਹਿਰ ਅਤੇ ਕਾਰਤਿਕ ਉਰਫ਼ ਸੋਨੂੰ ਪੁੱਤਰ ਹਰੀਸ਼ ਚੰਦਰ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਐੱਸ. ਆਈ. ਨੇ ਦੱਸਿਆ ਕਿ ਕਾਬੂ ਮੁਲਜ਼ਮਾਂ ਖ਼ਿਲਾਫ਼ ਥਾਣਾ ਸਿਟੀ ਨਵਾਂਸ਼ਹਿਰ ’ਚ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।