ਚੰਡੀਗੜ੍ਹ (ਜਸਪ੍ਰੀਤ): ਗੌਰਮਿੰਟ ਏਡਿਡ ਸਕੂਲ ਟੀਚਰਜ਼ ਐਂਡ ਅਦਰ ਇੰਪਲਾਈਜ਼ ਯੂਨੀਅਨ ਦੀ ਸੂਬਾ ਇਕਾਈ ਦੀ ਜ਼ਰੂਰੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ ਅਤੇ ਜਨਰਲ ਸਕੱਤਰ ਸ਼ਰਨਜੀਤ ਸਿੰਘ ਕਾਦੀਮਾਜਰਾ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ 9 ਅਕਤੂਬਰ ਨੂੰ ਸੰਗਰੂਰ ਵਿੱਚ ਪੰਜਾਬ ਦੇ ਵਿੱਤ ਮੰਤਰੀ ਦੀ ਰਿਹਾਇਸ਼ ਅੱਗੇ ਵਿਸ਼ਾਲ ਰੋਸ ਧਰਨਾ ਦੇਣ ਦਾ ਐਲਾਨ ਕੀਤਾ ਗਿਆ। ਜਿਸ ਵਿੱਚ ਪੰਜਾਬ ਭਰ ਤੋਂ ਅਧਿਆਪਕ ਆਗੂਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਹਾਜ਼ਰ ਸਮੂਹ ਆਗੂਆਂ ਨੇ ਸਰਬਸੰਮਤੀ ਨਾਲ ਕਿਹਾ ਕਿ ਸੂਬਾ ਸਰਕਾਰ ਨੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਨੋਟੀਫਿਕੇਸ਼ਨ ਜਾਰੀ ਕਰਨ ਦੇ ਬਾਵਜੂਦ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਵਿੱਚ ਦੇਰੀ ਕਰਨ ਦੀ ਨੀਤੀ ਅਪਣਾਈ ਹੋਈ ਹੈ, ਜਿਸ ਦੀ ਸਮੁੱਚੀ ਯੂਨੀਅਨ ਸਖ਼ਤ ਨਿਖੇਧੀ ਕਰਦੀ ਹੈ। ਵਿਸ਼ੇਸ਼ ਤੌਰ 'ਤੇ ਯੂਨੀਅਨ ਨੇ ਸੀਐਂਡਵੀ ਅਧਿਆਪਕਾਂ ਦੀ ਗਰੇਡ ਪੇਅ ਅਤੇ ਅੱਠ ਮਹੀਨਿਆਂ ਤੋਂ ਰੁਕੀ ਤਨਖਾਹ ਦੀ ਸਖ਼ਤ ਆਲੋਚਨਾ ਕੀਤੀ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਬੀਤੇ ਦਿਨੀਂ ਯੂਨੀਅਨ ਦਾ ਇੱਕ ਵਫ਼ਦ ਸੂਬਾ ਪ੍ਰਧਾਨ ਸਗੁਰਮੀਤ ਸਿੰਘ ਮਦਨੀਪੁਰ ਦੀ ਅਗਵਾਈ ਹੇਠ ਡੀ.ਸੀ ਸੰਗਰੂਰ ਸੰਦੀਪ ਰਿਸ਼ੀ ਅਤੇ ਓ.ਐਸ.ਡੀ.ਵਿੱਤ ਮੰਤਰੀ ਐਡਵੋਕੇਟ ਸਤਪਿੰਦਰ ਸਿੰਘ ਸੋਹੀ ਨੂੰ ਮਿਲਿਆ ਸੀ ਅਤੇ ਯੂਨੀਅਨ ਦੀ ਤਰਫੋਂ ਉਨ੍ਹਾਂ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ ਸੀ।
ਯੂਨੀਅਨ ਦੇ ਨੁਮਾਇੰਦਿਆਂ ਨੇ ਮੁੱਖ ਮੰਤਰੀ ਪੰਜਾਬ ਅਤੇ ਵਿੱਤ ਮੰਤਰੀ ਨਾਲ ਪੈਨਲ ਮੀਟਿੰਗ ਦੀ ਮੰਗ ਵੀ ਕੀਤੀ ਸੀ ਪਰ ਸਾਰੀਆਂ ਮੰਗਾਂ ਜਾਇਜ਼ ਹੋਣ ਦੇ ਬਾਵਜੂਦ ਸਰਕਾਰ ਨੇ ਅਜੇ ਤੱਕ ਉਨ੍ਹਾਂ ਨੂੰ ਮੰਨਣ ਵਿੱਚ ਕੋਈ ਗੰਭੀਰਤਾ ਨਹੀਂ ਦਿਖਾਈ। ਜਦੋਂ ਕਿ ਸਿੱਖਿਆ ਵਿਭਾਗ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਲਾਗੂ ਕਰਨ ਤੋਂ ਕੋਹਾਂ ਦੂਰ, ਵਿਦਿਆਰਥੀਆਂ ਦੀ ਗਿਣਤੀ ਸਬੰਧੀ ਦੂਰ-ਦੁਰਾਡੇ ਵਾਲੇ ਸਕੂਲਾਂ ਦੇ ਪ੍ਰਬੰਧਕਾਂ ਨੂੰ ਅਰਥਹੀਣ ਪੱਤਰ ਜਾਰੀ ਕਰਨੇ ਸ਼ੁਰੂ ਕਰ ਦਿੱਤੇ ਹਨ।