ਕੇਂਦਰੀ ਰਾਜ ਮੰਤਰੀ ਬਿੱਟੂ ਦੇ ਮਾਮਿਆਂ ਦੀ ਕਾਂਗਰਸ ’ਚੋਂ ਛੁੱਟੀ !

by vikramsehajpal

ਲੁਧਿਆਣਾ (ਸਾਹਿਬ) - ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਮਾਮਾ ਤੇਜਿੰਦਰ ਸਿੰਘ ਕੂੰਨਰ ਸਾਬਕਾ ਚੇਅਰਮੈਨ ਸਹਿਕਾਰੀ ਬੈਂਕ ਲੁਧਿਆਣਾ, ਰਾਜਵੰਤ ਸਿੰਘ ਕੂੰਨਰ ਸਾਬਕਾ ਚੇਅਰਮੈਨ ਨੂੰ ਪਾਰਟੀ ’ਚੋਂ ਕੱਢ ਦਿੱਤਾ ਗਿਆ ਹੈ। ਪਾਰਟੀ ਪ੍ਰਧਾਨ ਰਾਜਾ ਵੜਿੰਗ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਦੋਵਾਂ ਆਗੂਆਂ ਨੂੰ ਸਾਲ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਪਾਰਟੀ ਉਮੀਦਵਾਰ ਦਾ ਵਿਰੋਧ ਕਰਨ, ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਹੇਠ ਕਾਂਗਰਸ ’ਚੋਂ ਕੱਢਿਆ ਜਾਂਦਾ ਹੈ।

ਜ਼ਿਕਰਯੋਗ ਹੈ ਕਿ ਰਵਨੀਤ ਸਿੰਘ ਬਿੱਟੂ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਖ਼ਿਲਾਫ਼ ਚੋਣ ਲੜੀ ਸੀ ਅਤੇ ਬਿੱਟੂ ਦੇ ਮਾਮਿਆਂ ਰਾਜਵੰਤ ਸਿੰਘ ਕੂੰਨਰ ਤੇ ਤੇਜਿੰਦਰ ਸਿੰਘ ਕੂੰਨਰ ਨੇ ਲੁਧਿਆਣਾ ਵਿੱਚ ਆਪਣੇ ਭਾਣਜੇ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਸੀ। ਇਸ ਤੋਂ ਇਲਾਵਾ ਵੜਿੰਗ ਨੇ ਕਾਂਗਰਸ ਦੇ ਟਕਸਾਲੀ ਪਰਿਵਾਰ ਨਾਲ ਸਬੰਧਤ ਸਾਬਕਾ ਜ਼ਿਲ੍ਹਾ ਪਰਿਸ਼ਦ ਮੈਂਬਰ ਤੇ ਪਾਰਟੀ ਦੇ ਜ਼ਿਲ੍ਹਾ ਉਪ ਪ੍ਰਧਾਨ ਕੁਲਵਿੰਦਰ ਸਿੰਘ ਮਾਣੇਵਾਲ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ ਹੈ।

ਓਥੇ ਹੀ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਮਾਮਾ ਤੇਜਿੰਦਰ ਸਿੰਘ ਕੂੰਨਰ ਨੇ ਕਾਂਗਰਸ ਪਾਰਟੀ ਵੱਲੋਂ ਕੱਢੇ ਜਾਣ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ, ‘‘ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਇਹ ਬੜਾ ਹਾਸੋਹੀਣਾ ਪੱਤਰ ਹੈ ਕਿਉਂਕਿ ਅਸੀਂ ਤਾਂ ਹੁਣ ਕਾਂਗਰਸ ਪਾਰਟੀ ਦੇ ਮੈਂਬਰ ਹੀ ਨਹੀਂ, ਇਸ ਲਈ ਪ੍ਰਧਾਨ ਇਹ ਦੱਸੇ ਕਿ ਸਾਨੂੰ ਕਿਸ ’ਚੋਂ ਕੱਢਿਆ ਗਿਆ ਹੈ।’’ ਕੂੰਨਰ ਨੇ ਕਿਹਾ ਕਿ ਕਾਂਗਰਸ ਪਾਰਟੀ ’ਚੋਂ ਕੱਢਣ ਨਾਲ ਉਨ੍ਹਾਂ ਨੂੰ ਕੋਈ ਫ਼ਰਕ ਨਹੀਂ ਪੈਂਦਾ।