ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ

by vikramsehajpal

ਮੁਕੰਦਪੁਰ (ਦੇਵ ਇੰਦਰਜੀਤ) -ਥਾਣਾ ਮੁਕੰਦਪੁਰ ਨਜ਼ਦੀਕ ਪੈਂਦੇ ਪਿੰਡ ਸ਼ੁਕਾਰਾਂ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਹੋਣ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋ ਗਏ । ਜਾਣਕਾਰੀ ਦਿੰਦੇ ਹੋਏ ਪ੍ਰਬੰਧਕਾਂ ਨੇ ਦੱਸਿਆ ਕਿ ਇਹ ਅੱਗ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਪਾਲਕੀ ਪਿੱਛੇ ਲਗਾਏ ਪੱਖੇ ਤੋਂ ਲੱਗੀ। ਇਹ ਘਟਨਾ ਵੀਰਵਾਰ ਸ਼ਾਮ ਨੂੰ ਵਾਪਰੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਅਤੇ ਕਥਾ ਵਾਚਕ ਭਾਈ ਪਲਵਿੰਦਰ ਸਿੰਘ ਗੁਰਦੁਆਰਾ ਸ਼੍ਰੀ ਚਰਨ ਕੰਵਲ ਤੋਂ ਮੌਕੇ 'ਤੇ ਪੁੱਜੇ ਉਨ੍ਹਾਂ ਵੱਲੋਂ ਸਥਿਤੀ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਆਖਿਆ ਕਿ ਅਗਨ ਭੇਟ ਹੋਏ ਪਾਵਨ ਸਰੂਪਾਂ ਨੂੰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਲਿਜਾਇਆ ਜਾ ਰਿਹਾ ਹੈ ਅਤੇ ਉਥੇ ਜਲ ਪ੍ਰਵਾਹ ਕੀਤੇ ਜਾਣਗੇ । ਇਸ ਮੌਕੇ ਜਥੇਦਾਰ ਸੁਖਦੀਪ ਸਿੰਘ ਸ਼ੁਕਾਰ ਪ੍ਰਧਾਨ ਦੋਆਬਾ ਜ਼ੋਨ ਸ਼੍ਰੋਮਣੀ ਅਕਾਲੀ ਦਲ ਨੇ ਆਖਿਆ ਕਿ ਉਪਰੋਕਤ ਹੋਈ ਘਟਨਾ ਬਹੁਤ ਹੀ ਮੰਦਭਾਗੀ ਵਾਪਰੀ ਹੈ ਜਿਸ 'ਤੇ ਉਨ੍ਹਾਂ ਵੱਲੋਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜੀ ਨੂੰ ਸੂਚਿਤ ਕੀਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹਲਕਾ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਅਤੇ ਪੁਲਸ ਅਧਿਕਾਰੀ ਮੌਕੇ 'ਤੇ ਪੁੱਜੇ ਅਤੇ ਵਾਪਰੀ ਘਟਨਾ 'ਤੇ ਦੁੱਖ ਪ੍ਰਗਟ ਕਰਦੇ ਲੋਕਾਂ ਨੂੰ ਸੰਜਮ ਤੋਂ ਕੰਮ ਲੈਣ ਦੀ ਅਪੀਲ ਕੀਤੀ। ਪਿੰਡ ਵਾਸੀਆਂ ਵੱਲੋਂ ਹੋਈ ਇਸ ਘਟਨਾ 'ਤੇ ਕਾਫ਼ੀ ਦੁੱਖ ਅਤੇ ਅਫ਼ਸੋਸ ਪ੍ਰਗਟ ਕੀਤਾ ਗਿਆ।