ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹਰਿਆਣਾ ਸਰਕਾਰ ਵੱਲੋਂ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ 21 ਦਿਨਾਂ ਦੀ ਛੁੱਟੀ ਦੇਣ ਦੇ ਫੈਸਲੇ 'ਤੇ ਸ਼੍ਰੋਮਣੀ ਕਮੇਟੀ ਨੇ ਸਖ਼ਤ ਇਤਰਾਜ਼ ਜਤਾਇਆ ਹੈ। ਕਤਲ ਤੇ ਬਲਾਤਕਾਰ ਦੇ ਕੇਸਾਂ 'ਚ ਕੈਦ ਕੱਟ ਰਹੇ ਸਿਰਸਾ ਡੇਰਾ ਮੁਖੀ ਨੂੰ ਅੱਜ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਪੈਰੋਲ ’ਤੇ ਰਿਹਾਅ ਕਰ ਦਿੱਤਾ ਗਿਆ। 21 ਦਿਨਾਂ ਦੀ ਛੁੱਟੀ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਤੋਂ ਸਿਰਫ਼ 13 ਦਿਨ ਪਹਿਲਾਂ ਆਉਂਦੀ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਫੈਸਲਾ ਪੰਜਾਬ ਦੀ ਭਾਈਚਾਰਕ ਸਾਂਝ ਲਈ ਹਾਨੀਕਾਰਕ ਹੈ ਅਤੇ ਇਸ ਨੂੰ ਤੁਰੰਤ ਰੱਦ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਡੇਰਾ ਮੁਖੀ ਗੰਭੀਰ ਦੋਸ਼ਾਂ ਤਹਿਤ ਸਜ਼ਾ ਕੱਟ ਰਿਹਾ ਹੈ। ਰਾਮ ਰਹੀਮ ਦਾ 2015 ਵਿੱਚ ਬਰਗਾੜੀ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਸਿੱਧਾ ਸਬੰਧ ਸੀ।
ਧਾਮੀ ਨੇ ਕਿਹਾ ਕਿ ਭਾਜਪਾ ਵਿਧਾਨ ਸਭਾ ਚੋਣਾਂ ਵਿੱਚ ਸਿਆਸੀ ਲਾਹਾ ਲੈਣ ਲਈ ਦੇਸ਼ ਖਾਸ ਕਰਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਤੋਂ ਪਿੱਛੇ ਨਹੀਂ ਹਟ ਰਹੀ।ਧਾਮੀ ਨੇ ਕਿਹਾ, “ਕਈ ਸਿੱਖ ਸਿਆਸੀ ਕੈਦੀ ਸਜ਼ਾ ਪੂਰੀ ਕਰਨ ਦੇ ਬਾਵਜੂਦ ਜੇਲ੍ਹਾਂ ਵਿੱਚ ਬੰਦ ਹਨ। ਪੰਜਾਬ 'ਚ ਚੋਣਾਂ ਹੋਣ 'ਤੇ ਡੇਰਾ ਸਿਰਸਾ ਮੁਖੀ ਨੂੰ ਰਿਹਾਅ ਕਰਨ ਦੀ ਕੀ ਲੋੜ ਹੈ? ਭਾਜਪਾ ਵੱਲੋਂ ਪੰਜਾਬ ਵਿੱਚ ਵੋਟਾਂ ਬਟੋਰਨ ਲਈ ਅਜਿਹਾ ਕੀਤਾ ਜਾ ਰਿਹਾ ਹੈ ਕਿ ਇਸ ਨਾਲ ਸ਼ਾਂਤੀ ਭੰਗ ਹੋ ਸਕਦੀ ਹੈ।