SGPC ਨੇ Amazon ਤੇ flipkart ਨੂੰ ਭੇਜਿਆ ਕਾਨੂੰਨੀ ਨੋਟਿਸ

by

ਓਂਟਾਰੀਓ ਡੈਸਕ (ਵਿਕਰਮ ਸਹਿਜਪਾਲ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਨਲਾਈਨ ਵਿਕਰੀ ਵਾਲੀਆਂ ਵੈੱਬਸਾਈਟਾਂ ਐਮਾਜ਼ੋਨ ਤੇ ਫਲਿੱਪਕਾਰਟ ਉੱਤੇ ਸਖ਼ਤ ਨੋਟਿਸ ਲਿਆ ਹੈ। ਐਸਜੀਪੀਸੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮੂਰਤੀਆਂ ਬਣਾ ਕੇ ਵੇਚਣ ਦਾ ਸਖ਼ਤ ਨੋਟਿਸ ਲੈਂਦਿਆ ਸ਼੍ਰੋਮਣੀ ਕਮੇਟੀ ਨੇ ਇਨ੍ਹਾਂ ਦੋਹਾਂ ਕੰਪਨੀਆਂ ਨੂੰ ਕਾਨੂੰਨੀ ਨੋਟਿਸ ਭੇਜ ਦਿੱਤੇ ਹਨ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਨੂੰ ਕੰਪਨੀਆਂ ਵੱਲੋਂ ਜਾਣਬੁੱਝ ਕੀਤੀ ਗਈ ਹਰਕਤ ਕਰਾਰ ਦਿੱਤਾ ਹੈ। 

ਉਨ੍ਹਾਂ ਕਿਹਾ ਕਿ ਇਨ੍ਹਾਂ ਕੰਪਨੀਆਂ ਵਿਰੁੱਧ ਐਸਜੀਪੀਸੀ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਐਮਾਜ਼ੋਨ ਕੰਪਨੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੀ ਬੇਅਦਬੀ ਕੀਤੀ ਸੀ ਜਿਸ 'ਤੇ, ਉਸ ਵੇਲੇ ਵੀ ਐੱਸਜੀਪੀਸੀ ਨੇ ਸਖ਼ਤ ਨੋਟਿਸ ਲਿਆ ਸੀ ਤੇ ਕੰਪਨੀ ਨੇ ਮੁਆਫ਼ੀ ਮੰਗ ਲਈ ਸੀ। 

ਹੁਣ ਫਿਰ ਇਸ ਕੰਪਨੀ ਨੇ ਮੂਰਤੀ ਪੂਜਾ ਦੇ ਰੁਝਾਨ ਨੂੰ ਗੁਰੂ ਸਾਹਿਬ ਦੀਆਂ ਮੂਰਤੀਆਂ ਨਾਲ ਜੋੜਿਆ ਹੈ।ਲੌਂਗੋਵਾਲ ਨੇ ਕਿਹਾ ਕਿ ਗੁਰੂਆਂ ਦੀਆਂ ਮੂਰਤੀਆਂ ਵੇਚ ਕੇ ਸਿੱਖ ਸਿਧਾਂਤਾਂ ਦੀ ਵਿਲੱਖਣਤਾ ਨੂੰ ਸੱਟ ਮਾਰਨ ਵਾਲਿਆਂ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਫ਼ਿਲਹਾਲ ਇਨ੍ਹਾਂ ਕੰਪਨੀਆਂ ਨੂੰ ਕਾਨੂੰਨੀ ਨੋਟਿਸ ਭੇਜੇ ਗਏ ਹਨ ਤੇ ਜੇ ਇਨ੍ਹਾਂ ਨੇ ਤੁਰੰਤ ਵੈੱਬਸਾਈਟ ਤੋਂ ਗੁਰੂ ਸਾਹਿਬ ਦੀਆਂ ਮੂਰਤੀਆਂ ਨਾ ਹਟਾਈਆਂ ਤਾਂ ਇਨ੍ਹਾਂ ਵਿਰੁੱਧ ਸਿਵਲ ਤੇ ਫ਼ੌਜਦਾਰੀ ਕਾਰਵਾਈ ਕੀਤੀ ਜਾਵੇਗੀ।