ਸ਼ੰਬੂ (ਸਾਹਿਬ) - ਪੰਜਾਬ ਤੇ ਹਰਿਆਣਾ HC ਨੇ ਹਰਿਆਣਾ ਸਰਕਾਰ ਨੂੰ ਹੁਕਮ ਦਿੱਤਾ ਹੈ ਕਿ ਇਕ ਹਫ਼ਤੇ ਦੇ ਅੰਦਰ ਸ਼ੰਭੂ ਬਾਰਡਰ ਖੋਲ੍ਹਿਆ ਜਾਵੇ ਅਤੇ ਕੌਮੀ ਮਾਰਗ ’ਤੇ ਲਗਾਏ ਬੈਰੀਕੇਡ ਹਟਾਏ ਜਾਣ। ਹਾਈਕੋਰਟ ਨੇ ਖਨੌਰੀ ਬਾਰਡਰ ’ਤੇ ਮਰਨ ਵਾਲੇ ਕਿਸਾਨ ਸ਼ੁਭਕਰਨ ਦੀ ਮੌਤ ਦੀ ਜਾਂਚ ਲਈ ਸਿੱਟ ਬਣਾਉਣ ਦਾ ਵੀ ਹੁਕਮ ਦਿੱਤਾ ਹੈ। ਹਾਈਕੋਰਟ ਨੇ ਇਹ ਹੁਕਮ ਇਕ ਜਨਹਿੱਤ ਪਟੀਸ਼ਨ ਸਬੰਧੀ ਸੁਣਵਾਈ ਕਰਦਿਆਂ ਦਿੱਤੇ। ਦੱਸਣਯੋਗ ਹੈ ਕਿ ਕਿਸਾਨ ਕੇਂਦਰ ਸਰਕਾਰ ਵੱਲੋਂ ਮੰਨੀਆਂ ਮੰਗਾਂ ਨੂੰ ਅਮਲ ਵਿਚ ਨਾ ਲਿਆਉ ਕਾਰਨ ਰੋਸ ਵਿਚ ਹਨ ਤੇ ਕੇਂਦਰ ਸਰਕਾਰ ਖ਼ਿਲਾਫ਼ ਪਿਛਲੇ ਚਾਰ ਮਹੀਨਿਆਂ ਤੋਂ ਬਾਰਡਰਾਂ ’ਤੇ ਧਰਨਾ ਦੇ ਰਹੇ ਹਨ।
ਸੰਭੂ ਬਾਰਡਰ ਖੁੱਲ੍ਹਵਾਉਣ ਲਈ ਕਈ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ ਜਿਨ੍ਹਾਂ ਵਿਚੋਂ ਇਕ ਪਟੀਸ਼ਨ ਅੰਬਾਲਾ ਦੇ ਵਕੀਲ ਵਾਸੂ ਰੰਜਨ ਸ਼ਾਂਡਲਿਆ ਵੱਲੋਂ ਦਾਇਰ ਕੀਤੀ ਗਈ। ਸ਼ਾਂਡਲਿਆ ਨੇ ਪਟੀਸ਼ਨ ਵਿਚ ਕਿਹਾ ਕਿ ਪਿਛਲੇ ਪੰਜ ਮਹੀਨਿਆਂ ਤੋਂ ਨੈਸ਼ਨਲ ਹਾਈਵੇਅ-44 ਬੰਦ ਪਿਆ ਹੈ ਜਿਸ ਨਾਲ ਅੰਬਾਲਾ ਦੇ ਦੁਕਾਨਦਾਰ, ਛੋਟੇ ਵਪਾਰੀ, ਰੇਹੜੀ-ਫੜ੍ਹੀ ਵਾਲੇ ਪ੍ਰੇਸ਼ਾਨ ਹਨ। ਉਨ੍ਹਾਂ ਸ਼ੰਭੂ ਬਾਰਡਰ ਖੁੱਲ੍ਹਵਾਉਣ ਲਈ ਫੌਰੀ ਹੁਕਮ ਜਾਰੀ ਕਰਨ ਦੀ ਮੰਗ ਕੀਤੀ। ਪਟੀਸ਼ਨ ਵਿੱਚ ਪੰਜਾਬ ਤੇ ਹਰਿਆਣਾ ਸਰਕਾਰ ਸਮੇਤ ਕਿਸਾਨ ਆਗੂ ਸਰਵਣ ਪੰਧੇਰ ਅਤੇ ਜਗਜੀਤ ਡੱਲੇਵਾਲ ਨੂੰ ਧਿਰ ਬਣਾਇਆ ਹੈ। ਦੂਜੇ ਪਾਸੇ ਕਿਸਾਨਾਂ ਦੀ ਮੰਗ ਹੈ ਕਿ ਇਸ ਮਾਮਲੇ ’ਤੇ ਕੇਂਦਰ ਸਰਕਾਰ ਨੂੰ ਕਿਸਾਨੀ ਮੰਗਾਂ ਮੰਨਣੀਆਂ ਚਾਹੀਦੀਆਂ ਹਨ ਤੇ ਕਿਸਾਨਾਂ ਨੂੰ ਧੋਖਾ ਨਾ ਕੇ ਨਿਆਂ ਦੇਣਾ ਚਾਹੀਦਾ ਹੈ।