ਚੰਡੀਗੜ੍ਹ (ਦੇਵ ਇੰਦਰਜੀਤ) : ਸ਼੍ਰੋਮਣੀ ਅਕਾਲੀ ਦਲ ਨੇ ਤਿੰਨ ਕਾਲੇ ਖੇਤੀ ਕਾਨੂੰਨਾਂ ਦੇ ਲਾਗੂ ਹੋਣ ਦੇ ਇੱਕ ਸਾਲ ਪੂਰੇ ਹੋਣ ’ਤੇ 17 ਸਤੰਬਰ ਨੂੰ ਕਾਲੇ ਦਿਵਸ ਵਜੋਂ ਮਨਾਉਣ ਦਾ ਫ਼ੈਸਲਾ ਕੀਤਾ ਹੈ। ਕਿਸਾਨਾਂ ਦੇ ਨਾਲ ਪਾਰਟੀ ਵਰਕਰ ਗੁਰਦੁਆਰਾ ਰਕਾਬਗੰਜ ਤੋਂ ਸੰਸਦ ਤੱਕ ਰੋਸ ਮਾਰਚ ਕਰਨਗੇ। ਇਸ ਸਬੰਧੀ ਫ਼ੈਸਲਾ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਪਾਰਟੀ ਦੇ ਵਿਧਾਇਕਾਂ, ਜ਼ਿਲ੍ਹਾ ਪ੍ਰਧਾਨਾਂ, ਹਲਕਾ ਸੇਵਾਦਾਰਾਂ, ਵਿਧਾਇਕਾਂ ਅਤੇ ਕੋਰ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ ’ਚ ਲਿਆ ਗਿਆ।
ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਇਥੇ ਜਾਰੀ ਇੱਕ ਬਿਆਨ ’ਚ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਪਾਰਟੀ ਦੇ ਆਗੂ ਅਤੇ ਵਰਕਰ ਪੰਜਾਬ ਦੇ ਆਗੂਆਂ ਨਾਲ ਇਸ ਰੋਸ ਮਾਰਚ ’ਚ ਹਿੱਸਾ ਲੈਣਗੇ ਅਤੇ ਉਨ੍ਹਾਂ ਨੇ ਸਾਰਿਆਂ ਨੂੰ ਇਸ ’ਚ ਪੂਰੇ ਦਿਲ ਨਾਲ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
ਰੋਸ ਮਾਰਚ ਸ਼ੁਰੂ ਕਰਨ ਤੋਂ ਪਹਿਲਾਂ ਤਿੰਨ ਕਾਲੇ ਖੇਤੀ ਕਾਨੂੰਨ ਰੱਦ ਕਰਨ ਲਈ ਅਰਦਾਸ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇਕੋ-ਇਕ ਸਿਆਸੀ ਪਾਰਟੀ ਹੈ, ਜਿਸ ਨੇ ਕਿਸਾਨਾਂ ਦੇ ਹਿੱਤਾਂ ਲਈ ਮੰਤਰੀ ਅਤੇ ਗੱਠਜੋੜ ਤੋੜਨ ਤੋਂ ਵੀ ਗੁਰੇਜ਼ ਨਹੀਂ ਕੀਤਾ।
ਜਦਕਿ ਦੂਜਿਆਂ ਨੇ ਸਿਰਫ ਉਨ੍ਹਾਂ ਦੀਆਂ ਜੇਬਾਂ ’ਚ ਅਸਤੀਫੇ ਦੇ ਪੱਤਰ ਹੋਣ ਦਾ ਦਾਅਵਾ ਕੀਤਾ ਸੀ, ਜੋ ਕਦੇ ਪੇਸ਼ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕਿਸਾਨਾਂ ਦੇ ਹੱਕ ’ਚ ਚੱਟਾਨ ਵਾਂਗ ਖੜ੍ਹਾ ਹੈ ਅਤੇ ਇਹ ਉਦੋਂ ਤੱਕ ਡਟਿਆ ਰਹੇਗਾ, ਜਦੋਂ ਤੱਕ ਤਿੰਨੋਂ ਕਾਲੇ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ।