ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਬਣਨ ਤੋਂ ਬਾਅਦ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਹਿਲੀ ਵਾਰ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸੀ ਪ੍ਰਧਾਨ ਬਣਨ ’ਤੇ ਰਾਹੁਲ ਗਾਂਧੀ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੈਂ ਸਮਝਦਾ ਹਾਂ ਕਿ ਤੁਸੀਂ ਪੰਜਾਬ ਨੂੰ ਮਜ਼ਬੂਤੀ ਵੱਲ ਲੈ ਕੇ ਜਾਓਗੇ। ਰਾਜਾ ਵੜਿੰਗ ਨੇ ਕਿਹਾ ਕਿ ਸਾਨੂੰ ਸਾਰੇ ਲੋਕਾਂ ਦੀ ਜ਼ਰੂਰਤ ਹੈ ਚਾਹੇ ਉਹ ਨਵਜੋਤ ਸਿੰਘ ਸਿੱਧੂ ਹਨ ਜਾਂ ਸੁਨੀਲ ਜਾਖੜ। ਮਗਰਲੀ ਕਤਾਰ ਵਾਲਿਆਂ ਨੂੰ ਵੀ ਮੌਕਾ ਦਿੱਤਾ ਜਾਵੇਗਾ।
ਰਾਜਾ ਵੜਿੰਗ ਨੇ ਕਿਹਾ ਕਿ ਅਸੀਂ ਨਵੀਂ ਕਾਂਗਰਸ, ਨਵਾਂ ਮਾਡਲ ਦੇਣ ਅਤੇ ਰਾਹੁਲ ਗਾਂਧੀ ਦੇ ਸੁਫ਼ਨੇ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕਰਾਂਗੇ। ਰਾਹੁਲ ਗਾਂਧੀ ਨੂੰ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਣੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੇ ਉਪ ਨੇਤਾ ਡਾ. ਰਾਜ ਕੁਮਾਰ ਚੱਬੇਵਾਲ ਮਿਲਣ ਲਈ ਵੀ ਪਹੁੰਚੇ ਸਨ।