ਗ਼ਜ਼ੀਪੁਰ (ਦੇਵ ਇੰਦਰਜੀਤ) : ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ ਵਾਪਰੀ ਹਿੰਸਾ ਨੂੰ ਲੈ ਕੇ ਇਸ ਪੂਰੇ ਘਟਨਾਕ੍ਰਮ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਅੱਜ ਯਾਨੀ ਕਿ ਸ਼ਨੀਵਾਰ ਨੂੰ ਪ੍ਰੈੱਸ ਕਲੱਬ ਦਿੱਲੀ ਵਿਖੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਕਿਸਾਨ ਆਗੂ ਦਰਸ਼ਨ ਪਾਲ ਨੇ ਕਿਹਾ ਕਿ ਲਖੀਮਪੁਰ ਖੀਰੀ ਘਟਨਾ ਪਹਿਲਾਂ ਤੋਂ ਰਚੀ ਗਈ ਸਾਜਿਸ਼ ਦਾ ਹਿੱਸਾ ਹੈ।
ਹਮਲਾਵਰਾਂ ਨੇ ਕਿਸਾਨਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ। ਉੱਥੇ ਹੀ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ,‘‘ਸਰਕਾਰ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਵਿਰੁੱਧ ਹਿੰਸਕ ਰੁਖ ਅਪਣਾਇਆ ਹੈ। ਅਸੀਂ ਹਿੰਸਾ ਦੀ ਰਾਹ ’ਤੇ ਨਹੀਂ ਜਾਵਾਂਗੇ।
’’ ਉਨ੍ਹਾਂ ਕਿਹਾ ਕਿ ਸਾਡੀ ਮੰਗ ਹੈ ਕਿ ਕੇਂਦਰੀ ਮੰਤਰੀ ਅਜੇ ਮਿਸ਼ਰਾ ਅਤੇ ਉਨ੍ਹਾਂ ਦੇ ਪੁੱਤਰ ਆਸ਼ੀਸ਼ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਯੋਗੇਂਦਰ ਯਾਦਵ ਨੇ ਕਿਹਾ ਕਿ ਕੇਂਦਰੀ ਮੰਤਰੀ ਅਜੇ ਮਿਸ਼ਰਾ ਨੂੰ ਅਹੁਦੇ ਤੋਂ ਹਟਾਇਆ ਜਾਵੇ ਅਤੇ ਗ੍ਰਿਫ਼ਤਾਰ ਕੀਤਾ ਜਾਵੇ, ਕਿਉਂਕਿ ਉਨ੍ਹਾਂ ਨੇ ਇਹ ਸਾਜਿਸ਼ ਰਚੀ ਹੈ।
ਯੋਗੇਂਦਰ ਯਾਦਵ ਨੇ ਇਸ ਦੌਰਾਨ ਕਿਹਾ ਕਿ ਲਖੀਮਪੁਰ ਤੋਂ 12 ਅਕਤੂਬਰ ਨੂੰ ‘ਸ਼ਹੀਦ ਕਲਸ਼ ਯਾਤਰਾ’ ਸ਼ੁਰੂ ਹੋਵੇਗੀ। 15 ਅਕਤੂਬਰ ਯਾਨੀ ਦੁਸਹਿਰੇ ਵਾਲੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੇ ਪੁਤਲੇ ਫੂਕੇ ਜਾਣਗੇ। 18 ਅਕਤੂਬਰ ਨੂੰ ਰੇਲ ਰੋਕੋ ਅੰਦੋਲਨ ਦੀ ਅਪੀਲ ਕੀਤੀ ਗਈ ਹੈ ਅਤੇ 26 ਅਕਤੂਬਰ ਨੂੰ ਲਖਨਊ ’ਚ ਮਹਾਪੰਚਾਇਤ ਕੀਤੀ ਜਾਵੇਗੀ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ 11 ਅਕਤੂਬਰ ਤੱਕ ਸਰਕਾਰ ਸਾਡੀਆਂ ਮੰਗਾਂ ਮੰਨ ਲੈਂਦੀ ਹੈ ਤਾਂ ਇਹ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਜਾਣਗੇ। ਦੱਸਣਯੋਗ ਹੈ ਕਿ ਉੱਤਰ-ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ ਐਤਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਤੇ ਯੂ. ਪੀ. ਦੇ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਈਆ ਦੇ ਪ੍ਰੋਗਰਾਮ ਦਾ ਵਿਰੋਧ ਕਰ ਰਹੇ ਸੜਕ ਕੰਢੇ ਖੜ੍ਹੇ ਕਿਸਾਨਾਂ ’ਤੇ ਗੱਡੀ ਚੜ੍ਹਾ ਦਿੱਤੀ ਗਈ ਸੀ।
ਇਸ ਹਾਦਸੇ ’ਚ ਘੱਟੋ-ਘੱਟ 4 ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ ਸੀ। ਜਿਹੜੀ ਗੱਡੀ ਕਿਸਾਨਾਂ ’ਤੇ ਚੜ੍ਹਾਈ ਗਈ ਸੀ, ਉਸ ’ਚ ਗ੍ਰਹਿ ਰਾਜ ਮੰਤਰੀ ਅਜੇ ਟੇਨੀ ਦਾ ਪੁੱਤਰ ਅਤੇ ਹੋਰ ਨਜ਼ੀਦੀਕੀ ਸਵਾਰ ਸਨ।