ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਦੀ ਇਕ ਸੰਸਥਾ 'ਸਿੱਖ ਬੁੱਕ ਕਲੱਬ' ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਨਾਲ ਛੇੜਛਾੜ ਕਰ ਕੇ ਬੀੜ ਛਾਪਣ ਤੇ ਉਸ ਦਾ ਪੀਡੀਐਫ ਵੈਬਸਾਈਟ ਉਤੇ ਪਾਉਣ ਦਾ ਸਖ਼ਤ ਨੋਟਿਸ ਲਿਆ ਹੈ।
ਇਹ ਹਰਕਤ ਅਮਰੀਕੀ ਸੰਸਥਾ ਸਿੱਖ ਬੁੱਕ ਕਲੱਬ ਵਾਲੇ ਥਮਿੰਦਰ ਸਿੰਘ ਅਨੰਦ ਨਾਂ ਦੇ ਵਿਅਕਤੀ ਨੇ ਕੀਤੀ ਹੈ, ਜਿਸ ਨੇ ਤਿਆਰ ਕੀਤੀ ਬੀੜ ਨੂੰ ਸਿੱਖ ਬੁੱਕ ਕਲੱਬ ਡਾਟਕਾਮ ਉਤੇ ਪੀਡੀਐਫ ਬਣਾ ਕੇ ਅਪਲੋਡ ਕੀਤਾ ਹੈ। ਇਸ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਵਿੱਚ ਆਪਣੇ ਕੋਲੋਂ ਵਾਧੂ ਲਗਾਂ-ਮਾਤਰਾਵਾਂ ਅਤੇ ਬਿੰਦੀਆਂ ਲਗਾਉਣ ਦੀ ਕੋਝੀ ਹਰਕਤ ਕੀਤੀ ਗਈ ਹੈ ਜਿਸ ਨੂੰ ਸ਼੍ਰੋਮਣੀ ਕਮੇਟੀ ਨੇ ਗੰਭੀਰਤਾ ਨਾਲ ਲੈਂਦਿਆਂ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਭੇਜ ਦਿੱਤਾ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਗੁਰਬਾਣੀ ਦੀ ਘੋਰ ਬੇਅਦਬੀ ਕਰਾਰ ਦਿੰਦਿਆਂ ਸਬੰਧਤ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਇਸ ਸਬੰਧ ਵਿੱਚ ਤੁਰੰਤ ਵਿਚਾਰ ਕਰ ਕੇ ਆਦੇਸ਼ ਜਾਰੀ ਕੀਤਾ ਜਾਵੇ। ਅਮਰੀਕਾ ਵਾਸੀ ਵਿਅਕਤੀ ਵੱਲੋਂ ਸਿੱਖਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਗਈ ਹੈ ਜਿਸ ਉਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮਿਸਾਲੀ ਕਾਰਵਾਈ ਹੋਣੀ ਚਾਹੀਦੀ ਹੈ।