ਨਿਊਜ਼ ਡੈਸਕ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਰਿਆਈ ਪਾਣੀਆਂ ਦੇ ਵੱਡੀ ਪੱਧਰ ’ਤੇ ਗੰਧਲੇ ਹੋਣ ’ਤੇ ਚਿੰਤਾ ਪ੍ਰਗਟ ਕੀਤੀ ਹੈ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਕਿਹਾ ਹੈ ਕਿ ਉਹ ਇੰਡਸਟਰੀ ਦੀ ਰਹਿੰਦ-ਖੂੰਹਦ ਦਰਿਆਈ ਪਾਣੀਆਂ ’ਚ ਸੁੱਟਣ ’ਤੇ ਰੋਕ ਲਗਾਵੇ। ਇਥੇ ਜਾਰੀ ਕੀਤੇ ਇਕ ਬਿਆਨ ’ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਜਿਹੀਆਂ ਵਿਆਪਕ ਰਿਪੋਰਟਾਂ ਆ ਰਹੀਆਂ ਹਨ ਕਿ ਕਾਲੇ ਰੰਗ ਦਾ ਪਾਣੀ ਹਰੀਕੇ ਹੈੱਡਵਰਕਸ ਤੋਂ ਨਿਕਲਦੀ ਫ਼ਿਰੋਜ਼ਪੁਰ ਫੀਡਰ ਨਹਿਰ ’ਚ ਸੁੱਟਿਆ ਜਾ ਰਿਹਾ ਹੈ, ਜਿਸ ਕਾਰਨ ਜ਼ਿਲ੍ਹੇ ਦੇ ਲੋਕਾਂ ’ਚ ਸਹਿਮ ਦਾ ਮਾਹੌਲ ਹੈ।
ਉਨ੍ਹਾਂ ਕਿਹਾ ਕਿ ਮੈਨੂੰ ਹਲਕੇ ਦੇ ਲੋਕਾਂ ਨੇ ਖ਼ਦਸ਼ਾ ਜ਼ਾਹਿਰ ਕੀਤਾ ਹੈ ਕਿ ਪ੍ਰਦੂਸ਼ਿਤ ਪਾਣੀ ਨਾ ਸਿਰਫ਼ ਖੇਤੀਬਾੜੀ ਪੈਦਾਵਾਰ ’ਤੇ ਅਸਰ ਪਾਵੇਗਾ ਬਲਕਿ ਇਸ ਨਾਲ ਬੀਮਾਰੀਆਂ ਵੀ ਫੈਲਣਗੀਆਂ। ਕੁਝ ਲੋਕ ਨਹਿਰੀ ਪਾਣੀ ਨੂੰ ਪੀਣ ਵਾਸਤੇ ਵਰਤਦੇ ਹਨ, ਜੋ ਇਸ ਵੇਲੇ ਖ਼ਤਰਨਾਕ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਕਿ ਉਹ ਦਰੁੱਸਤੀ ਵਾਲੇ ਕਦਮ ਚੁੱਕਣ ਤੇ ਕਿਹਾ ਕਿ ਇਹ ਬਹੁਤ ਨਿੰਦਣਯੋਗ ਗੱਲ ਹੈ ਕਿ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਇਸ ਸੰਵੇਦਨਸ਼ੀਲ ਮਾਮਲੇ ’ਤੇ ਇਕ-ਦੂਜੇ ਖ਼ਿਲਾਫ਼ ਦੂਸ਼ਣਬਾਜ਼ੀ ’ਤੇ ਲੱਗੀਆਂ ਹਨ।