ਨਵੀਂ ਦਿੱਲੀ (ਦੇਵ ਇੰਦਰਜੀਤ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਸਾਨਾਂ ਨੂੰ ਆਪਣਾ ਸਮਰਥਨ ਦੇਣ ਲਈ ਦਿੱਲੀ-ਉੱਤਰ ਪ੍ਰਦੇਸ਼ ਦੀ ਸਰਹੱਦ ਨੇੜੇ ਗਾਜ਼ੀਪੁਰ ਖੇਤਰ ਦਾ ਦੌਰਾ ਕੀਤਾ।
ਬਾਦਲ ਨੇ ਵਿਰੋਧ ਪ੍ਰਦਰਸ਼ਨ ਵਾਲੀ ਜਗ੍ਹਾ ਨੇੜੇ 10 ਮਿੰਟ ਲਈ ਰਾਕੇਸ਼ ਟਿਕੈਤ ਨਾਲ ਮੁਲਾਕਾਤ ਕੀਤੀ ਅਤੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਸੁਖਬੀਰ ਸਿੰਘ ਬਾਦਲ ਨੇ ਇਥੇ ਚੌਧਰੀ ਰਾਕੇਸ਼ ਟਿਕੈਤ ਦਾ ਸਿਰੋਪਾ ਭੇਟ ਕਰ ਕੇ ਸਨਮਾਨ ਕੀਤਾ ਤੇ ਉਹਨਾਂ ਨੂੰ ਸ੍ਰੀ ਦਰਬਾਰ ਸਾਹਿਬ ਤੋਂ ਲਿਆਂਦਾ ਅੰਮ੍ਰਿਤ ਵੀ ਭੇਂਟ ਕੀਤਾ। ਉਹਨਾਂ ਨੂੰ ਭਰੋਸਾ ਦੁਆਇਆ ਕਿ ਕਿਸਾਨ ਅੰਦੋਲਨ ਦੇ ਆਪਣੇ ਟੀਚਿਆਂ ਵਿਚ ਸਫਲ ਹੋਣ ਲਈ ਸ਼੍ਰੋਮਣੀ ਅਕਾਲੀ ਦਲ ਪੂਰਾ ਸਮਰਥਨ ਦੇਵੇਗਾ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਉਹਨਾਂ ਕਿਸਾਨਾਂ ਦੇ ਪਰਿਵਾਰਾਂ ਨਾਲ ਵੀ ਮੁਲਾਕਾਤ ਕੀਤੀ ਜਿਹਨਾਂ ਦੇ ਪਰਿਵਾਰਾਂ ਦੇ ਜੀਅ 26 ਜਨਵਰੀ ਤੋਂ ਲਾਪਤਾ ਹਨ ਜਿਹਨਾਂ ਕਿਸਾਨਾਂ ਦੇ ਪਰਿਵਾਰਕ ਜੀਅ ਇਸ ਕਿਸਾਨ ਅੰਦੋਲਨ ਵਿਚ ਸ਼ਹੀਦ ਹੋ ਗਏ ਹਨ। ਬਾਦਲ ਨੇ ਇਹਨਾਂ ਪਰਿਵਾਰਾਂ ਨੂੰ ਭਰੋਸਾ ਦੁਆਇਆ ਕਿ ਸ਼੍ਰੋਮਣੀ ਅਕਾਲੀ ਦਲ ਇਹਨਾਂ ਦੇ ਕੇਸ ਆਪ ਚੁੱਕੇਗਾ ਤੇ ਇਹ ਯਕੀਨੀ ਬਣਾਵੇਗਾ ਕਿ ਇਹਨਾਂ ਨੂੰ ਕਾਨੂੰਨੀ ਤੌਰ ’ਤੇ ਰਾਹਤ ਮਿਲੇ।