ਪੱਤਰ ਪ੍ਰੇਰਕ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਲੁਧਿਆਣਾ ਦੇ ਡੀ.ਐਮ.ਸੀ. ਪਹੁੰਚ ਕੇ ਅਗਵਾਕਾਰਾਂ ਦੇ ਹੱਥੋਂ ਗੋਲੀ ਲੱਗਣ ਨਾਲ ਗੰਭੀਰ ਜ਼ਖਮੀ ਹੋਏ ਕੱਪੜਾ ਵਪਾਰੀ ਸੰਭਵ ਜੈਨ ਦਾ ਹਾਲ-ਚਾਲ ਪੁੱਛਿਆ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਾਖੜ ਨੇ ਕਿਹਾ ਕਿ ਜਦੋਂ ਤੋਂ ਪੰਜਾਬ 'ਚ ਭਗਵੰਤ ਮਾਨ ਦੀ ਸਰਕਾਰ ਬਣੀ ਹੈ, ਸੂਬੇ 'ਚ ਕਾਨੂੰਨ ਵਿਵਸਥਾ ਡਾਵਾਂਡੋਲ ਹੋ ਗਈ ਹੈ। ਗੈਂਗਸਟਰ ਸਨਅਤਕਾਰਾਂ, ਕਾਰੋਬਾਰੀਆਂ ਅਤੇ ਦੁਕਾਨਦਾਰਾਂ ਤੋਂ ਫਿਰੌਤੀ ਮੰਗ ਰਹੇ ਹਨ ਅਤੇ ਸ਼ਰੇਆਮ ਉਨ੍ਹਾਂ ਦਾ ਕਤਲ ਕਰ ਰਹੇ ਹਨ, ਜੋ ਕਿ ਪੰਜਾਬ ਦੇ ਪ੍ਰਸ਼ਾਸਨ 'ਤੇ ਕਲੰਕ ਹੈ।
ਮੁੱਖ ਮੰਤਰੀ ਸੂਬੇ ਦੇ ਲੋਕਾਂ ਨੂੰ ਵਧੀਆ ਪ੍ਰਸ਼ਾਸਨ ਦੇਣ ਦੀ ਜ਼ਿੰਮੇਵਾਰੀ ਛੱਡ ਕੇ ਸਾਈਕਲ ਦੀ ਸਵਾਰੀ ਕਰ ਰਹੇ ਹਨ। ਉਨ੍ਹਾਂ ਨੂੰ ਸਾਈਕਲ ਚਲਾਉਣਾ ਬੰਦ ਕਰਕੇ ਸਰਕਾਰ ਨੂੰ ਚਲਾਉਣਾ ਚਾਹੀਦਾ ਹੈ ਅਤੇ ਪੰਜਾਬ ਦੀ ਬਹਾਦਰ ਪੁਲਿਸ ਦਾ ਹੌਸਲਾ ਵਧਾਉਣ ਦੀ ਬਜਾਏ ਉਨ੍ਹਾਂ ਦਾ ਮਨੋਬਲ ਉੱਚਾ ਕਰ ਕੇ ਲੋਕਾਂ ਵਿੱਚ ਸੁਰੱਖਿਆ ਦਾ ਮਾਹੌਲ ਬਣਾਉਣਾ ਚਾਹੀਦਾ ਹੈ। ਅੱਜ ਹਾਲਾਤ ਇਹ ਹਨ ਕਿ ਆਮ ਆਦਮੀ ਪਾਰਟੀ ਦੇ ਕੁਝ ਆਗੂ ਇਹ ਸ਼ਿਕਾਇਤ ਕਰ ਰਹੇ ਹਨ ਕਿ ਪੁਲਿਸ ਅਧਿਕਾਰੀ ਉਨ੍ਹਾਂ ਨੂੰ ਸਲਾਮੀ ਨਹੀਂ ਦਿੰਦੇ, ਜਦਕਿ ਉਨ੍ਹਾਂ ਨੂੰ ਸੋਚਣਾ ਚਾਹੀਦਾ ਹੈ ਕਿ ਪੁਲਿਸ ਅਮਨ-ਕਾਨੂੰਨ ਦੀ ਰਾਖੀ ਲਈ ਹੈ, ਸਲਾਮੀ ਦੇਣ ਲਈ ਨਹੀਂ। ਸਿਰਫ਼ ਇਸ਼ਤਿਹਾਰਾਂ ਵਿੱਚ ਸੂਬੇ ਦੇ ਵਿਕਾਸ ਨੂੰ ਝੂਠਾ ਦਰਸਾਉਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਵਿੱਚ ਕਾਨੂੰਨ ਵਿਵਸਥਾ ਦੀ ਮਾੜੀ ਸਥਿਤੀ ਕਾਰਨ ਵਪਾਰੀ ਅਤੇ ਉਦਯੋਗਪਤੀ ਭੱਜਣ ਲਈ ਮਜਬੂਰ ਹੋ ਰਹੇ ਹਨ। ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ। ਚੋਣਾਂ ਦੌਰਾਨ ਲੋਕਾਂ ਨੂੰ ਗੁੰਮਰਾਹ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ।
'ਉੜਤਾ ਪੰਜਾਬ' ਤੋਂ ਬਾਅਦ ਹੁਣ ਪੰਜਾਬ 'ਤੇ 'ਗੈਂਗਸ ਆਫ਼ ਪੰਜਾਬ' ਫ਼ਿਲਮ ਬਣ ਸਕਦੀ ਹੈ। ਭਾਰਤੀ ਜਨਤਾ ਪਾਰਟੀ ਸੂਬੇ ਵਿੱਚ ਚੱਲ ਰਹੇ ਅਰਾਜਕਤਾ ਦੇ ਇਸ ਮਾਹੌਲ ਨੂੰ ਬਰਦਾਸ਼ਤ ਨਹੀਂ ਕਰੇਗੀ ਅਤੇ ਸਰਕਾਰ ਨੂੰ ਲੋਕਾਂ ਪ੍ਰਤੀ ਜਵਾਬਦੇਹ ਬਣਾਉਣ ਲਈ ਸੰਘਰਸ਼ ਵਿੱਢੇਗੀ। ਇੱਕ ਸਵਾਲ ਦੇ ਜਵਾਬ ਵਿੱਚ ਜਾਖੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਝੂਠੇ ਕੇਸ ਦਰਜ ਕਰਕੇ ਭਾਜਪਾ ਵਰਕਰਾਂ ਦੀ ਆਵਾਜ਼ ਨੂੰ ਦਬਾ ਨਹੀਂ ਸਕਦੀ। ਇਸ ਮੌਕੇ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਨਿਲ ਸਰੀਨ, ਖਜ਼ਾਨਚੀ ਗੁਰਦੇਵ ਸ਼ਰਮਾ ਦੇਬੀ, ਭਾਜਪਾ ਲੁਧਿਆਣਾ ਦੇ ਪ੍ਰਧਾਨ ਰਜਨੀਸ਼ ਧੀਮਾਨ, ਪ੍ਰੇਮ ਮਿੱਤਲ ਆਦਿ ਹਾਜ਼ਰ ਸਨ।