ਨਵੀਂ ਦਿੱਲੀ (ਰਾਘਵ) : NEET UG 2024 ਦੀ ਦਾਖਲਾ ਪ੍ਰੀਖਿਆ ਨੂੰ ਰੱਦ ਕਰਨ ਅਤੇ ਮੁੜ ਤੋਂ ਕਰਵਾਉਣ ਦੀ ਮੰਗ ਕਰਨ ਵਾਲੇ ਉਮੀਦਵਾਰਾਂ ਨੂੰ ਇਕ ਵਾਰ ਫਿਰ ਨਿਰਾਸ਼ਾ ਹੋਈ ਹੈ। ਅੱਜ 13 ਜੂਨ ਨੂੰ ਸਬੰਧਤ ਪਟੀਸ਼ਨ ’ਤੇ ਸੁਣਵਾਈ ਦੌਰਾਨ ਡਿਵੀਜ਼ਨ ਬੈਂਚ ਨੇ ਇਕ ਵਾਰ ਫਿਰ ਕੌਂਸਲਿੰਗ ਪ੍ਰਕਿਰਿਆ ’ਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ। ਨਾਲ ਹੀ, ਸੁਪਰੀਮ ਕੋਰਟ ਨੇ ਨੈਸ਼ਨਲ ਟੈਸਟਿੰਗ ਏਜੰਸੀ (NTA) ਨੂੰ 2 ਹਫਤਿਆਂ ਦੇ ਅੰਦਰ ਆਪਣਾ ਜਵਾਬ ਦਾਇਰ ਕਰਨ ਦਾ ਨਿਰਦੇਸ਼ ਦਿੱਤਾ ਹੈ। ਇਸ ਤੋਂ ਇਲਾਵਾ ਡਿਵੀਜ਼ਨ ਬੈਂਚ ਨੇ ਹੁਣ ਸਾਰੇ ਸਬੰਧਤ ਕੇਸਾਂ ਦੀ ਸੁਣਵਾਈ 8 ਜੁਲਾਈ ਨੂੰ ਇਕੱਠੇ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇਸ ਬਾਰੇ, ਕੇਂਦਰ ਨੇ ਵੀਰਵਾਰ ਨੂੰ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਸਨੇ NEET-UG 2024 ਦੇ ਨਤੀਜਿਆਂ ਵਿੱਚ 1563 ਉਮੀਦਵਾਰਾਂ ਨੂੰ ਦਿੱਤੇ ਗਏ ਗ੍ਰੇਸ ਅੰਕਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ 1563 ਵਿਦਿਆਰਥੀਆਂ ਨੂੰ ਇਮਤਿਹਾਨ ਵਿੱਚ ਦੁਬਾਰਾ ਹਾਜ਼ਰ ਹੋਣ ਦਾ ਵਿਕਲਪ ਦਿੱਤਾ ਜਾਵੇਗਾ ਜਾਂ ਬਿਨਾਂ ਗ੍ਰੇਸ ਅੰਕਾਂ ਤੋਂ ਪ੍ਰਾਪਤ ਅੰਕਾਂ ਦੇ ਆਧਾਰ 'ਤੇ ਉਨ੍ਹਾਂ ਦੇ ਨਤੀਜੇ ਦੀ ਗਣਨਾ ਕੀਤੀ ਜਾਵੇਗੀ। ਇਹ ਪ੍ਰੀਖਿਆ 23 ਜੂਨ ਨੂੰ ਲਈ ਜਾ ਸਕਦੀ ਹੈ। ਨਤੀਜੇ ਜੂਨ ਵਿੱਚ ਹੀ ਜਾਰੀ ਕੀਤੇ ਜਾ ਸਕਦੇ ਹਨ, ਤਾਂ ਜੋ ਜੁਲਾਈ ਵਿੱਚ ਸ਼ੁਰੂ ਹੋਣ ਵਾਲੀ ਕਾਉਂਸਲਿੰਗ ਪ੍ਰਭਾਵਿਤ ਨਾ ਹੋਵੇ। ਇਸ ਨਾਲ ਪੂਰੀ NEET 2024 ਮੈਰਿਟ ਸੂਚੀ ਵੀ ਬਦਲ ਜਾਵੇਗੀ। ਲੱਖਾਂ ਬੱਚਿਆਂ ਦੀ ਰੈੰਕਿੰਗ ਪ੍ਰਭਾਵਿਤ ਹੋਵੇਗੀ। ਅਜਿਹੀ ਸਥਿਤੀ ਵਿੱਚ, ਐਨ.ਟੀ.ਏ (NTA ) ਨੂੰ NEET ਰੈਂਕ ਸੂਚੀ 2024 ਨੂੰ ਦੁਬਾਰਾ ਜਾਰੀ ਕਰਨ ਦੀ ਜ਼ਰੂਰਤ ਹੋਏਗੀ।