ਪੱਤਰ ਪ੍ਰੇਰਕ : ਲੋਕ ਸਭਾ ਚੋਣਾਂ ਦੀ ਤਰੀਕ ਦਾ ਐਲਾਨ ਹੁੰਦਿਆਂ ਹੀ ਸਿਆਸੀ ਆਗੂਆਂ ਵੱਲੋਂ ਦਲ ਬਦਲੀ ਅਤੇ ਨਵੀਂ ਐਂਟਰੀ ਦੀ ਸ਼ੁਰੂਆਤ ਹੋ ਗਈ ਹੈ। ਇਸੇ ਤਰ੍ਹਾਂ ਹੀ ਭਾਜਪਾ ਦੇ ਬੇੜੇ ਵਿੱਚ ਇੱਕ ਹੋਰ ਸਾਬਕਾ ਡਿਪਲੋਮੈਟ ਸ਼ਾਮਲ ਹੋ ਗਿਆ ਹੈ। ਅਮਰੀਕਾ ਵਿੱਚ ਭਾਰਤ ਦੇ ਸਾਬਕਾ ਰਾਜਦੂਤ ਰਹੇ ਤਰਨਜੀਤ ਸਿੰਘ ਸੰਧੂ ਅੱਜ ਦਿੱਲੀ ਵਿਖੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਪਾਰਟੀ 'ਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਦੀ ਪ੍ਰੇਰਨਾ ਸਦਕਾ ਹੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਸੰਧੂ ਨੂੰ ਲੋਕ ਸਭਾ ਚੋਣਾਂ ਦੌਰਾਨ ਅੰਮ੍ਰਿਤਸਰ ਤੋਂ ਟਿਕਟ ਦੇ ਕੇ ਮੈਦਾਨ ਵਿੱਚ ਉਤਾਰਿਆ ਜਾ ਸਕਦਾ ਹੈ।
ਦੱਸ ਦਈਏ ਕਿ ਤਰਨਜੀਤ ਸਿੰਘ ਪਿਛਲੇ ਦਸ ਸਾਲਾਂ ਤੋਂ ਪ੍ਰਧਾਨ ਮੰਤਰੀ ਮੋਦੀ ਨਾਲ ਕੰਮ ਕਰ ਰਹੇ ਹਨ। ਉਹ ਅਮਰੀਕੀ ਕਾਂਗਰਸ ਨਾਲ ਚੰਗੇ ਸਬੰਧਾਂ ਲਈ ਜ਼ਿੰਮੇਵਾਰ ਵਿਅਕਤੀ ਵਜੋਂ ਜਾਣੇ ਜਾਂਦੇ ਹਨ। ਅੰਮ੍ਰਿਤਸਰ ਨਾਲ ਉਨ੍ਹਾਂ ਦਾ ਡੂੰਘਾ ਸਬੰਧ ਹੈ। ਉਹ ਪਿਛਲੇ 15 ਦਿਨਾਂ ਤੋਂ ਅੰਮ੍ਰਿਤਸਰ ਵਿੱਚ ਸਨ। ਉਹ ਇਲਾਕੇ ਦੇ ਲੋਕਾਂ ਨੂੰ ਵੀ ਮਿਲੇ ਹਨ। ਪਿਛਲੇ ਦਿਨਾਂ ਵਿਚ ਉਨ੍ਹਾਂ ਨੇ ਸ਼ਹਿਰ ਦੇ ਉੱਦਮੀਆਂ, ਪੇਸ਼ੇਵਰਾਂ ਅਤੇ ਡਾਕਟਰਾਂ ਨਾਲ ਮੀਟਿੰਗਾਂ ਕੀਤੀਆਂ। ਉਹ ਮੰਦਰਾਂ, ਗੁਰਦੁਆਰਿਆਂ ਅਤੇ ਪ੍ਰਸਿੱਧ ਖਾਣ-ਪੀਣ ਵਾਲੀਆਂ ਥਾਵਾਂ 'ਤੇ ਵੀ ਜਾ ਰਹੇ ਹਨ। ਉਹ ਮੂਲ ਰੂਪ ਵਿੱਚ ਪੰਜਾਬ ਦੇ ਰਹਿਣ ਵਾਲੇ ਹਨ।