ਤਰਨਤਾਰਨ: 3 ਭੈਣਾਂ ਦੇ ਇਕਲੌਤੇ ਭਰਾ ਦੀ ਨਹਿਰ ‘ਚੋਂ ਮਿਲੀ ਲਾਸ਼

by nripost

ਭਿੱਖੀਵਿੰਡ (ਨੇਹਾ): 2 ਅਪ੍ਰੈਲ ਨੂੰ ਜ਼ਿਲਾ ਤਰਨਤਾਰਨ ਅਧੀਨ ਪੈਂਦੇ ਪਿੰਡ ਮਾੜੀ ਗੌਰ ਸਿੰਘ ਦੇ 9 ਸਾਲਾ ਬੱਚੇ ਗੁਰਪਿਆਰ ਸਿੰਘ ਪੁੱਤਰ ਗੁਰਮੁਖ ਸਿੰਘ ਦੀ ਪਿੰਡ ਦੀ ਨਹਿਰ 'ਚੋਂ ਭੇਤਭਰੇ ਹਾਲਾਤਾਂ 'ਚ ਲਾਸ਼ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਦਰਦਨਾਕ ਘਟਨਾ ਤੋਂ ਬਾਅਦ ਪਿੰਡ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਮ੍ਰਿਤਕ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਪੁਲਸ ਨੇ ਮ੍ਰਿਤਕ ਬੱਚੇ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪੱਟੀ ਵਿਖੇ ਭੇਜ ਦਿੱਤਾ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਿਤਾ ਗੁਰਮੁੱਖ ਸਿੰਘ ਨੇ ਦੱਸਿਆ ਕਿ 2 ਅਪ੍ਰੈਲ ਨੂੰ ਗੁਰਪਿਆਰ ਸਿੰਘ ਘਰ ਦੇ ਗੇਟ ਅੱਗੇ ਖੜ੍ਹਾ ਸੀ ਅਤੇ ਕੁਝ ਸਮੇਂ ਬਾਅਦ ਉਸ ਨੂੰ ਪਤਾ ਲੱਗਾ ਕਿ ਉਸ ਦਾ ਲੜਕਾ ਲਾਪਤਾ ਹੋ ਗਿਆ ਹੈ। ਪਰਿਵਾਰ ਨੂੰ ਸ਼ੱਕ ਹੈ ਕਿ ਉਨ੍ਹਾਂ ਦੇ ਲੜਕੇ ਨੂੰ ਪਿੰਡ ਦੀ ਹੀ ਰਹਿਣ ਵਾਲੀ ਇੱਕ ਔਰਤ ਨੇ ਮੋਟਰਸਾਈਕਲ ਸਵਾਰ ਲੋਕਾਂ ਨਾਲ ਮਿਲ ਕੇ ਅਗਵਾ ਕਰ ਲਿਆ ਹੈ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅੱਜ ਉਨ੍ਹਾਂ ਦੇ ਲੜਕੇ ਗੁਰਪਿਆਰ ਸਿੰਘ ਦੀ ਲਾਸ਼ ਭੇਤਭਰੀ ਹਾਲਤ 'ਚ ਮਿਲੀ, ਜਦਕਿ ਮ੍ਰਿਤਕ ਦੀ ਮਾਤਾ ਸਰਬਜੀਤ ਕੌਰ ਰੋਂਦੇ ਹੋਏ ਕਹਿ ਰਹੀ ਸੀ ਕਿ ਉਨ੍ਹਾਂ ਦੇ ਲੜਕੇ ਦਾ ਕਤਲ ਕੀਤਾ ਗਿਆ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਕੇ ਕਾਤਲਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ | ਇਸ ਮਾਮਲੇ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਮੌਕੇ 'ਤੇ ਪਹੁੰਚੇ ਥਾਣਾ ਭਿੱਖੀਵਿੰਡ ਸਬ-ਡਵੀਜ਼ਨ ਦੇ ਡੀਐੱਸਪੀ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਪਰਿਵਾਰ ਵੱਲੋਂ ਥਾਣਾ ਭਿੱਖੀਵਿੰਡ ਵਿਖੇ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਉਨ੍ਹਾਂ ਦਾ 9 ਸਾਲਾ ਪੁੱਤਰ ਗੁਰਪਿਆਰ ਸਿੰਘ ਲਾਪਤਾ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਪਿੰਡ ਵਿੱਚ ਲੱਗੇ ਸੀਸੀਟੀਵੀ ਕੈਮਰੇ ਵੀ ਚੈੱਕ ਕੀਤੇ ਸਨ ਅਤੇ ਬੱਚੇ ਦੇ ਅਗਵਾ ਹੋਣ ਵਰਗਾ ਕੁਝ ਵੀ ਸਾਹਮਣੇ ਨਹੀਂ ਆਇਆ ਸੀ ਪਰ ਅੱਜ ਜਦੋਂ ਬੱਚੇ ਦੀ ਲਾਸ਼ ਪਿੰਡ ਦੀ ਨਹਿਰ ਵਿੱਚੋਂ ਭੇਤਭਰੀ ਹਾਲਤ ਵਿੱਚ ਬਰਾਮਦ ਹੋਈ ਤਾਂ ਉਸ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪੱਟੀ ਭੇਜ ਦਿੱਤਾ ਗਿਆ। ਡੀ.ਐਸ.ਪੀ. ਨੇ ਕਿਹਾ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਤੋਂ ਬਾਅਦ ਹੀ ਬੱਚੇ ਦੀ ਮੌਤ ਦੇ ਕਾਰਨਾਂ ਦਾ ਪਤਾ ਲੱਗੇਗਾ।