ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਪਾਲ ਮਾਮਲੇ ਨੂੰ ਲੈ ਕੇ ਅੱਜ ਫਿਰ ਹਾਈ ਕੋਰਟ 'ਚ ਸੁਣਵਾਈ ਹੋਈ। ਦੱਸਿਆ ਜਾ ਰਿਹਾ ਹਾਈ ਕੋਰਟ ਨੇ ਪਟੀਸ਼ਨਕਰਤਾ ਨੂੰ ਕਿਹਾ ਕਿ ਪਹਿਲਾਂ ਸਬੂਤ ਪੇਸ਼ ਕਰੋ ਕਿ ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ 'ਚ ਹੈ। ਉੱਥੇ ਹੀ ਪੰਜਾਬ ਸਰਕਾਰ ਦੇ ਵਕੀਲ ਜਨਰਲ ਨੇ ਕਿਹਾ ਕਿ ਅੰਮ੍ਰਿਤਪਾਲ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਪਰ ਹਾਲੇ ਉਹ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਕੁਝ ਹੋਰ ਸਮੇ ਦੀ ਮੰਗ ਕੀਤੀ । ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 12 ਅਪ੍ਰੈਲ ਨੂੰ ਹੋਵੇਗੀ ।
ਜ਼ਿਕਰਯੋਗ ਹੈ ਕਿ ਭਗੋੜਾ ਹੋਏ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਲਈ ਕਈ ਜ਼ਿਲ੍ਹਿਆਂ ਦੀ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ , ਉੱਥੇ ਹੀ ਪਹਿਲਾਂ ਕਿਹਾ ਜਾ ਰਿਹਾ ਸੀ ਕਿ ਅੰਮ੍ਰਿਤਪਾਲ ਪੰਜਾਬ ਤੋਂ ਦਿੱਲੀ ਤੇ ਫਿਰ ਦਿੱਲੀ ਤੋਂ ਨੇਪਾਲ ਵੱਲ ਭੱਜ ਗਿਆ ਪਰ ਹੁਣ ਮੁੜ ਅੰਮ੍ਰਿਤਪਾਲ ਸਿੰਘ ਦੇ ਪੰਜਾਬ ਵਿੱਚ ਹੋਣ ਦੀ ਸੂਚਨਾ ਦੇ ਆਧਾਰ 'ਤੇ ਪੁਲਿਸ ਵਲੋਂ ਹੁਸ਼ਿਆਰਪੁਰ 'ਚ ਛਾਪੇਮਾਰੀ ਕੀਤੀ ਜਾ ਰਹੀ ਹੈ ।
ਜਾਣਕਾਰੀ ਅਨੁਸਾਰ CID ਦੀ ਕਾਊਟਰ ਇੰਟੈਲੀਜੈਂਸ ਟੀਮ ਨੇ ਸ਼ੱਕ ਦੇ ਆਧਾਰ 'ਤੇ ਇੱਕ ਇਨੋਵਾ ਕਾਰ ਦਾ ਪਿੱਛਾ ਕੀਤਾ। ਜਿਸ 'ਚ ਅੰਮ੍ਰਿਤਪਾਲ ਤੇ ਉਸ ਦੇ ਸਾਥੀਆਂ ਦੇ ਹੋਣ ਦਾ ਸ਼ੱਕ ਸੀ । ਫਿਲਹਾਲ ਇਸ ਬਾਰੇ ਕਿਸੇ ਵੀ ਉੱਚ ਅਧਿਕਾਰੀ ਵਲੋਂ ਪੁਸ਼ਟੀ ਨਹੀ ਕੀਤੀ ਗਈ ਕਿ ਉਸ ਕਾਰ 'ਚ ਅੰਮ੍ਰਿਤਪਾਲ ਸਿੰਘ ਸੀ ਜਾਂ ਨਹੀਂ। ਦੱਸ ਦਈਏ ਕਿ ਅਜਨਾਲਾ ਘਟਨਾ ਤੋਂ ਬਾਅਦ 18 ਮਾਰਚ ਨੂੰ ਪੰਜਾਬ ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਸੀ । ਇਸ ਕਾਰਵਾਈ ਦੌਰਾਨ ਪੁਲਿਸ ਨੇ ਅੰਮ੍ਰਿਤਪਾਲ ਦੇ ਕਾਫਲੇ ਨੂੰ ਘੇਰ ਕੇ ਉਸ ਦੇ ਕਈ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਸੀ ।