ਪੱਤਰ ਪ੍ਰੇਰਕ : ਪੰਜਾਬ ਦੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਹਰਿਆਣਾ ਦੀ ਸਰਹੱਦ 'ਤੇ ਖੜ੍ਹੇ ਹਨ। 21 ਫਰਵਰੀ ਨੂੰ ਖਨੌਰੀ ਸਰਹੱਦ 'ਤੇ ਕਿਸਾਨਾਂ ਅਤੇ ਹਰਿਆਣਾ ਪੁਲਿਸ ਵਿਚਾਲੇ ਝੜਪ ਹੋਈ ਸੀ। ਇਸ ਦੌਰਾਨ ਕਈ ਕਿਸਾਨ ਜ਼ਖ਼ਮੀ ਹੋ ਗਏ। ਹਰਿਆਣਾ ਪੁਲਸ ਨੇ ਜ਼ਖਮੀ ਕਿਸਾਨਾਂ ਨੂੰ ਸੂਬੇ ਦੇ ਵੱਖ-ਵੱਖ ਹਸਪਤਾਲਾਂ 'ਚ ਦਾਖਲ ਕਰਵਾਇਆ। ਇਸ ਦੌਰਾਨ ਹੁਣ ਪੰਜਾਬ ਦੇ ਮੁੱਖ ਸਕੱਤਰ ਨੇ ਹਰਿਆਣਾ ਸਰਕਾਰ ਨੂੰ ਪੱਤਰ ਲਿਖਿਆ ਹੈ।
ਦੱਸ ਦੇਈਏ ਕਿ ਪਿਛਲੇ ਦਿਨੀਂ ਕਿਸਾਨਾਂ ਨੇ ਦੱਸਿਆ ਸੀ ਕਿ ਪੰਜਾਬ ਦਾ ਇੱਕ ਕਿਸਾਨ ਪ੍ਰਿਤਪਾਲ ਸਿੰਘ ਰੋਹਤਕ ਦੇ ਇੱਕ ਹਸਪਤਾਲ ਵਿੱਚ ਦਾਖਲ ਹੈ। ਉਸ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ। ਇਸ ਸਬੰਧੀ ਪੰਜਾਬ ਦੇ ਮੁੱਖ ਸਕੱਤਰ ਨੇ ਹਰਿਆਣਾ ਸਰਕਾਰ ਨੂੰ ਪੱਤਰ ਲਿਖ ਕੇ ਪ੍ਰਿਤਪਾਲ ਸਿੰਘ ਨੂੰ ਪੰਜਾਬ ਹਵਾਲੇ ਕਰਨ ਦੀ ਮੰਗ ਕੀਤੀ ਹੈ। ਵਰਣਨਯੋਗ ਹੈ ਕਿ ਕਿਸਾਨਾਂ ਨੇ ਹਰਿਆਣਾ ਸਰਕਾਰ 'ਤੇ ਦੋਸ਼ ਲਗਾਇਆ ਸੀ ਕਿ ਪ੍ਰਿਤਪਾਲ ਦੀ ਹਾਲਤ ਕਾਫੀ ਗੰਭੀਰ ਹੈ ਅਤੇ ਉਸ ਦਾ ਸਹੀ ਇਲਾਜ ਨਹੀਂ ਕੀਤਾ ਜਾ ਰਿਹਾ ਹੈ। ਇਸ ਲਈ ਪੰਜਾਬ ਸਰਕਾਰ ਨੇ ਉਸ ਨੂੰ ਵਾਪਸ ਬੁਲਾਇਆ ਹੈ ਅਤੇ ਕਿਹਾ ਹੈ ਕਿ ਉਹ ਸੂਬੇ ਵਿੱਚ ਹੀ ਮੁਫ਼ਤ ਇਲਾਜ ਕਰਵਾਏਗਾ।