ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਆਉਂਦੀਆਂ ਕਾਰਪੋਰੇਸ਼ਨ ਚੋਣਾਂ ਅਤੇ ਵਿਕਾਸ ਕੰਮਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ ਸੂਬੇ ਦੇ 20 ‘ਆਪ’ ਮੰਤਰੀਆਂ ਅਤੇ ਵਿਧਾਇਕਾਂ ਦੇ ਨਾਲ ਉੱਚ ਪੱਧਰੀ ਬੈਠਕ ਕੀਤੀ। ਬੈਠਕ ਵਿਚ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਰਾਜ ਸਭਾ ਮੈਂਬਰ ਰਾਘਵ ਚੱਢਾ ਸਮੇਤ ਪਾਰਟੀ ਦੇ ਸੀਨੀਅਰ ਵਿਧਾਇਕ ਮੌਜੂਦ ਸਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਆਉਂਦੀਆਂ ਕਾਰਪੋਰੇਸ਼ਨ ਚੋਣਾਂ ਨੂੰ ਲੈ ਕੇ ਵੀ ਮੰਤਰੀਆਂ ਅਤੇ ਵਿਧਾਇਕਾਂ ਦੇ ਵਿਚਾਰ ਹਾਸਲ ਕੀਤੇ। ਪੰਜਾਬ ਸਰਕਾਰ ਨੇ ਕਾਰਪੋਰੇਸ਼ਨ ਦੀਆਂ ਚੋਣਾਂ ਅਗਲੇ ਕੁੱਝ ਮਹੀਨਿਆਂ ਦੇ ਅੰਦਰ ਕਰਵਾਉਣੀਆਂ ਹਨ। ਇਸ ਨੂੰ ਦੇਖਦੇ ਹੋਏ ਮੁੱਖ ਮੰਤਰੀ ਨੇ ਮੰਤਰੀਆਂ 'ਤੇ ਵਿਧਾਇਕਾਂ ਨੂੰ ਪੁੱਛਿਆ ਕਿ ਸਰਕਾਰ ਨੂੰ ਆਉਣ ਵਾਲੇ ਦਿਨਾਂ ਵਿਚ ਹੋਰ ਕਿਹੜੇ-ਕਿਹੜੇ ਕਦਮ ਚੁੱਕਣੇ ਚਾਹੀਦੇ ਹਨ, ਜਿਸ ਨਾਲ ਜਨਤਾ ਪਾਰਟੀ ਦੇ ਨਾਲ ਜੁੜੀ ਰਹੇ। ਮੰਤਰੀ ਭਗਵੰਤ ਮਾਨ ਨੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਕਿਹਾ ਕਿ ਉਹ ਆਪਣੇ-ਆਪਣੇ ਖੇਤਰਾਂ ਵਿਚ ਜਨਤਾ ਦੇ ਨਾਲ ਸੰਪਰਕ ਬਣਾ ਕੇ ਰੱਖਣ ਅਤੇ ਉਨ੍ਹਾਂ ਦੇ ਮਸਲਿਆਂ ਦਾ ਹੱਲ ਕਰਨ।