ਦਿੱਲੀ (ਸਾਹਿਬ) - ਤਿਹਾੜ ਜੇਲ੍ਹ ਵਿੱਚ ਬੰਦ ਦਿੱਲੀ ਸ਼ਰਾਬ ਘੁਟਾਲੇ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਦਿੱਲੀ ਦੀ ਰਾਊਂਜ਼ ਐਵੇਨਿਊ ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਸੀਬੀਆਈ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਸੀਬੀਆਈ ਨੇ ਅਦਾਲਤ ਨੂੰ ਕੇਜਰੀਵਾਲ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਣ ਦੀ ਅਪੀਲ ਕੀਤੀ ਸੀ। ਦੱਸ ਦਈਏ ਕਿ ਸੀਬੀਆਈ ਨੇ ਆਪਣੀ ਅਰਜ਼ੀ ਵਿੱਚ ਕਿਹਾ ਸੀ ਕਿ ਪੁੱਛ-ਪੜਤਾਲ ਦੌਰਾਨ ਕੇਜਰੀਵਾਲ ਜਾਣਬੁੱਝ ਕੇ ਟਾਲ-ਮਟੋਲ ਕਰ ਰਹੇ ਸਨ ਪਰ ਮੌਜੂਦਾ ਸਥਿਤੀ ਵਿੱਚ ਹੋਰ ਹਿਰਾਸਤੀ ਪੁੱਛਗਿੱਛ ਦੀ ਲੋੜ ਨਹੀਂ ਹੈ।
ਸੀਬੀਆਈ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਿਆ ਜਾਣਾ ਚਾਹੀਦਾ ਹੈ ਕਿਉਂਕਿ ਉਹ ਇੱਕ ਪ੍ਰਮੁੱਖ ਸਿਆਸਤਦਾਨ ਹਨ। ਓਥੇ ਹੀ ਦਿੱਲੀ ਦੇ ਮੁੱਖ ਮੰਤਰੀ ਹੋਣ ਦੇ ਨਾਤੇ ਉਹ ਬਹੁਤ ਪ੍ਰਭਾਵਸ਼ਾਲੀ ਹਨ। ਸੀਬੀਆਈ ਨੇ ਕਿਹਾ ਕਿ ਜੇਕਰ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਨਹੀਂ ਭੇਜਿਆ ਜਾਂਦਾ ਤਾਂ ਉਹ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ ਅਤੇ ਪੁੱਛਗਿੱਛ ਦੌਰਾਨ ਸਾਹਮਣੇ ਆਏ ਸਬੂਤਾਂ ਨਾਲ ਛੇੜਛਾੜ ਕਰ ਸਕਦਾ ਹੈ। ਸੀਬੀਆਈ ਦੀ ਅਪੀਲ ਨੂੰ ਸਵੀਕਾਰ ਕਰਦਿਆਂ ਅਦਾਲਤ ਨੇ ਕੇਜਰੀਵਾਲ ਨੂੰ 12 ਜੁਲਾਈ ਤੱਕ ਸੀਬੀਆਈ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।
ਦੱਸ ਦਈਏ ਕਿ ਹਾਲ ਹੀ ਵਿੱਚ ਸੀਬੀਆਈ ਨੇ ਦਿੱਲੀ ਸ਼ਰਾਬ ਘੁਟਾਲੇ ਵਿੱਚ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਅਦਾਲਤ ਨੇ ਉਸ ਨੂੰ ਤਿੰਨ ਦਿਨਾਂ ਲਈ ਸੀਬੀਆਈ ਹਿਰਾਸਤ ਵਿੱਚ ਭੇਜ ਦਿੱਤਾ। ਅੱਜ ਉਸ ਦੀ ਹਿਰਾਸਤ ਦੀ ਮਿਆਦ ਖ਼ਤਮ ਹੋਣ ਮਗਰੋਂ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਫੈਸਲਾ ਸੁਣਾਉਣ ਤੋਂ ਪਹਿਲਾਂ ਕੇਜਰੀਵਾਲ ਨੂੰ ਪਰਿਵਾਰ ਨਾਲ ਮਿਲਣ ਲਈ 10 ਮਿੰਟ ਦਾ ਸਮਾਂ ਵੀ ਦਿੱਤਾ ਸੀ।