ਬੁਢਲਾਡਾ (ਕਰਨ)- ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵੱਲੋਂ ਦਿੱਲੀ ਦੀਆਂ ਸਰਹੱਦਾ ਤੇ ਦਿੱਤੇ ਜਾ ਰਹੇ ਧਰਨੇ ਨੂੰ ਜਿੱਥੇ 100 ਦਿਨਾਂ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਉੱਥੇ ਸਥਾਨਕ ਪੱਧਰ ਦਾ ਧਰਨਾ 201 ਵੇਂ ਦਿਨ ਵਿੱਚ ਦਾਖਿਲ ਹੋ ਗਿਆ ਹੈ।
ਇਸ ਮੋਕੇ ਸਬੋਧਨ ਕਰਦਿਆ ਭਾਰਤੀ ਕਿਸਾਨ ਯੂਨੀਅਨ ਡਕੌਦਾ ਦੇ ਜਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਦਿਆਲਪੁਰਾ ਅਤੇ ਬਲਾਕ ਪ੍ਰਧਾਨ ਸੱਤਪਾਲ ਸਿੰਘ ਬਰ੍ਹੇ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀਆਂ ਮੰਗਾਂ ਵੱਲ੍ਹ ਧਿਆਨ ਨਾ ਦੇ ਕੇ ਕਰੋਨਾ ਦੇ ਨਾਮ ਤੇ ਲੋਕਾਂ ਦਾ ਧਿਆਨ ਤਿੰਨੇ ਖੇਤੀ ਕਾਨੂੰਨਾਂ ਤੋਂ ਭਟਕਾਅ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਧਰਨਿਆ ਨੂੰ ਉਠਾਉਣ ਲਈ ਚਲਾਇਆ ਜਾ ਰਿਹਾ ਮਿਸ਼ਨ ਕਲੀਨ ਧੱਕੇ ਨਾਲ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ ਬਲਕਿ ਸਰਕਾਰ ਤਿੰਨੇ ਖੇਤੀ ਕਾਨੂੰਨ ਰੱਦ ਕਰੇ। ਜ਼ਦੋਂ ਤੱਕ ਤਿੰਨੇ ਕਾਨੂੰਨ ਰੱਦ ਨਹੀਂ ਹੁੰਦੇ ਉਦੋ ਤਕ ਕਿਸਾਨ ਪਿੱਛੇ ਨਹੀਂ ਹਟਣਗੇ। ਉਨ੍ਹਾਂ ਕਿਹਾ ਕਿ ਹਾੜੀ ਦੇ ਸੀਜ਼ਨ ਦੌਰਾਨ ਮੰਡੀਆਂ ਵਿੱਚ ਬਾਰਦਾਨੇ ਦੀ ਆ ਰਹੀ ਕਮੀ ਨੂੰ ਪੂਰਾ ਕੀਤਾ ਜਾਵੇ। ਕਿਉਕਿ ਇਹ ਹਰ ਵਾਰ ਹੀ ਇਸ ਤਰ੍ਹਾ ਹੁੰਦਾ ਹੈ ਕਿ ਬਾਰਦਾਨੇ ਦੀ ਕਮੀ ਪੂਰੀ ਨਹੀਂ ਹੁੰਦੀ ਤੇ ਕਿਸਾਨਾ ਦੀ ਫਸਲ ਮੰਡੀਆਂ ਵਿੱਚ ਹੀ ਰੁੱਲ ਜਾਂਦੀ ਹੈ ਅਤੇ ਬਰਸਾਤ ਕਾਰਨ ਫਸਲ ਦਾ ਬਹੁਤ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਬਾਰਦਾਨੇ ਦੀ ਕਮੀ ਨੂੰ ਜਲਦ ਪੂਰਾ ਕੀਤਾ ਜਾਵੇ।
ਇਸ ਮੌਕੇ ਪੰਜਾਬ ਕਿਸਾਨ ਯੂਨੀਅਨ ਸਵਰਨ ਸਿੰਘ ਬੋੜਾਵਾਲ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਐਡਵੋਕੇਟ ਸਵਰਨਜੀਤ ਸਿੰਘ ਦਲਿਓ, ਰੂਪ ਸਿੰਘ, ਕਰਨੈਲ ਸਿੰਘ, ਪੰਜਾਬ ਕਿਸਾਨ ਯੂਨੀਅਨ ਦੇ ਬਲਵੀਰ ਸਿੰਘ ਗੁਰਨੇ ਖੁਰਦ, ਸੁਖਵਿੰਦਰ ਸਿੰਘ, ਲੱਖਾ ਸਿੰਘ ਅਹਿਮਦਪੁਰ, ਜਰਨੈਲ ਸਿੰਘ ਨੰਬਰਦਾਰ, ਹਾਕਮ ਸਿੰਘ ਆਦਿ ਹਾਜ਼ਰ ਸਨ।