High Court ਵੱਲੋਂ ਰਾਮ ਰਹੀਮ ਨੂੰ ਵੱਡੀ ਰਾਹਤ, ਇਸ ਮਾਮਲੇ ‘ਚ ਦਿੱਤੀ ਕਲੀਨ ਚਿੱਟ

by jaskamal

ਪੱਤਰ ਪ੍ਰੇਰਕ : ਪੰਜਾਬ-ਹਰਿਆਣਾ ਹਾਈਕੋਰਟ ਨੇ ਸ੍ਰੀ ਗੁਰੂ ਰਵਿਦਾਸ ਅਤੇ ਸੰਤ ਕਬੀਰ ਬਾਰੇ ਕਥਿਤ ਇਤਰਾਜ਼ਯੋਗ ਟਿੱਪਣੀਆਂ ਲਈ ਗੁਰਮੀਤ ਰਾਮ ਰਹੀਮ ਖ਼ਿਲਾਫ਼ ਦਰਜ ਐੱਫਆਈਆਰ ਰੱਦ ਕਰਨ ਦੇ ਹੁਕਮ ਦਿੱਤੇ ਹਨ। ਇਸ ਸਬੰਧੀ ਪਟੀਸ਼ਨ ਦਾਇਰ ਕਰਦਿਆਂ ਪਟੀਸ਼ਨਰ ਰਾਮ ਰਹੀਮ ਨੇ ਕਿਹਾ ਸੀ ਕਿ ਉਸ ਵਿਰੁੱਧ 17 ਮਾਰਚ ਨੂੰ ਪਾਤੜਾਂ, ਜਲੰਧਰ ਦਿਹਾਤੀ ਵਿੱਚ ਬੇਅਦਬੀ ਦੀ ਧਾਰਾ 295ਏ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ। ਇਹ ਐਫਆਈਆਰ 7 ਸਾਲ ਪਹਿਲਾਂ ਹੋਏ ਸਤਿਸੰਗ ਬਾਰੇ ਹੈ ਅਤੇ ਹੁਣ ਇੰਨੇ ਲੰਬੇ ਵਕਫ਼ੇ ਤੋਂ ਬਾਅਦ ਐੱਫਆਈਆਰ ਦਰਜ ਕੀਤੀ ਗਈ।

ਹਾਈਕੋਰਟ ਨੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਆਪਣਾ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਇਸ ਮਾਮਲੇ 'ਚ ਪਟੀਸ਼ਨਰ ਵੱਲੋਂ ਉਪਦੇਸ਼ ਦਿੰਦੇ ਸਮੇਂ ਕਿਸੇ ਵਿਅਕਤੀ ਜਾਂ ਭਾਈਚਾਰੇ ਨੂੰ ਨੁਕਸਾਨ ਪਹੁੰਚਾਉਣ ਵਾਲੀ ਕਿਸੇ ਵੀ ਗਲਤ ਜਾਂ ਜਾਣਬੁੱਝ ਕੇ ਕੀਤੀ ਗਈ ਕਾਰਵਾਈ ਦਾ ਕੋਈ ਸਪੱਸ਼ਟ ਸਬੂਤ ਨਹੀਂ ਹੈ। ਮੁੱਖ ਫਰਕ ਸਿਰਫ ਇਹ ਹੈ ਕਿ ਪਟੀਸ਼ਨਰ ਨੇ ਉਪਦੇਸ਼ ਦਿੰਦੇ ਸਮੇਂ ਸਥਾਨਕ ਬੋਲਚਾਲ ਦੇ ਸ਼ਬਦਾਂ ਦੀ ਵਰਤੋਂ ਕੀਤੀ ਹੈ। ਇਹ ਕਿਸੇ ਵੀ ਤਰ੍ਹਾਂ ਸੰਤ ਕਬੀਰ ਦਾਸ ਅਤੇ ਗੁਰੂ ਰਵਿਦਾਸ ਦੇ ਪੈਰੋਕਾਰਾਂ ਪ੍ਰਤੀ ਜਾਣਬੁੱਝ ਕੇ ਅਪਮਾਨ ਦਾ ਮਾਮਲਾ ਨਹੀਂ ਹੈ।