ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੇ ਮੰਤਰੀ ਮੰਡਲ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਅਸਤੀਫਾ ਸੌਂਪ ਦਿੱਤਾ ਸੀ। ਪੰਜਾਬ ਦੇ ਰਾਜਪਾਲ ਨੇ ਉਨ੍ਹਾਂ ਅਤੇ ਉਨ੍ਹਾਂ ਦੇ ਮੰਤਰੀ ਮੰਡਲ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ। ਰਾਜਪਾਲ ਨੇ ਕੈਪਟਨ ਅਤੇ ਉਨ੍ਹਾਂ ਦੇ ਮੰਤਰੀ ਮੰਡਲ ਨੂੰ ਬਦਲਵੇਂ ਪ੍ਰਬੰਧ ਹੋਣ ਤੱਕ ਰੋਜ਼ਮੱਰਾ ਦਾ ਕੰਮਕਾਜ ਚਲਾਉਣ ਲਈ ਕਿਹਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ’ਚ ਚੱਲ ਰਹੇ ਤਖ਼ਤਾ ਪਲਟ ਦੇ ਘਟਨਾਚੱਕਰ ਦਰਮਿਆਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲੱਗਭਗ 4.30 ਵਜੇ ਰਾਜਪਾਲ ਭਵਨ ਪਹੁੰਚੇ ਤੇ ਰਾਜਪਾਲ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ।
ਸ਼ਨੀਵਾਰ ਨੂੰ ਸਾਰਾ ਦਿਨ ਚੱਲੇ ਮੀਟਿੰਗਾਂ ਦੇ ਦੌਰ ਤੋਂ ਬਾਅਦ ਆਖਿਰਕਾਰ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦਾ ਅਹੁਦਾ ਛੱਡ ਦਿੱਤਾ । ਪਿਛਲੇ ਲੰਬੇ ਸਮੇਂ ਤੋਂ ਪੰਜਾਬ ਕਾਂਗਰਸ ’ਚ ਚੱਲ ਰਹੇ ਕਾਟੋ ਕਲੇਸ਼ ਨੂੰ ਨਿਬੇੜਨ ਲਈ ਹਾਈਕਮਾਨ ਨੇ ਅੱਜ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਸੀ ਪਰ ਇਸ ਮੀਟਿੰਗ ਤੋਂ ਪਹਿਲਾਂ ਹੀ ਕੈਪਟਨ ਅਮਰਿੰਦਰ ਸਿੰਘ ਨੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ।