ਇਸਲਾਮਾਬਾਦ ਡੈਸਕ (Vikram Sehajpal) : ਪਾਕਿਸਤਾਨ ਨੇ ਅਮਰੀਕਾ ਦੀ ਅੱਤਵਾਦ 'ਤੇ ਜਾਰੀ ਕੀਤੀ ਰਿਪੋਰਟ 'ਤੇ ਨਿਰਾਸ਼ਾ ਜ਼ਾਹਰ ਕੀਤੀ ਹੈ। ਪਾਕਿ ਸਰਕਾਰ ਦਾ ਕਹਿਣਾ ਹੈ ਕਿ ਅਮਰੀਕਾ ਨੇ ਅੱਤਵਾਦ ਵਿਰੁੱਧ ਉਸ ਦੀਆਂ ਕੋਸ਼ਿਸ਼ਾਂ ਨੂੰ ਨਜ਼ਰ ਅੰਦਾਜ਼ ਕਰ ਦਿੱਤਾ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਇੱਕ ਬਿਆਨ ਨੇ ਅਮਰੀਕੀ ਰਿਪੋਰਟ 'ਤੇ ਨਿਰਾਸ਼ਾ ਜ਼ਾਹਰ ਕਰਦਿਆਂ ਕਿਹਾ ਕਿ ਅੱਤਵਾਦ ਵਿਰੁੱਧ ਕੌਮਾਂਤਰੀ ਸੰਘਰਸ਼ ਵਿੱਚ ਪਾਕਿਸਤਾਨ ਦੇ ਯੋਗਦਾਨ ਨੇ ਅੱਤਵਾਦੀ ਸੰਗਠਨ ਅਲ ਕਾਇਦਾ ਨੂੰ ਨਾਕਾਮ ਕੀਤਾ ਸੀ।
ਉਨ੍ਹਾਂ ਕਿਹਾ ਕਿ ਸਾਡੇ ਇਸ ਯੋਗਦਾਨ ਨੇ ਵਿਸ਼ਵ ਨੂੰ ਇੱਕ ਸੁਰੱਖਿਅਤ ਜਗ੍ਹਾ ਬਣਾਉਣ ਦੇ ਵਿੱਚ ਮਦਦ ਕੀਤੀ ਹੈ।ਬਿਆਨ ਵਿੱਚ ਕਿਹਾ ਗਿਆ ਹੈ, ''(ਅਮਰੀਕੀ) ਰਿਪੋਰਟ ਅੱਤਵਾਦ ਵਿਰੁੱਧ ਪਿਛਲੇ ਦੋ ਦਹਾਕਿਆਂ ਵਿੱਚ ਜ਼ਮੀਨੀ ਹਕੀਕਤਾਂ ਤੇ ਪਾਕਿਸਤਾਨ ਦੀਆਂ ਅਣਗਿਣਤ ਕੁਰਬਾਨੀਆਂ ਤੇ ਯੋਗਦਾਨਾਂ ਨੂੰ ਨਜ਼ਰ ਅੰਦਾਜ਼ ਕੀਤਾ ਹੈ।
ਬਿਆਨ ਦੇ ਵਿੱਚ ਪਾਕਿ ਨੇ ਕਿਹਾ ਕਿ ਅਸੀਂ ‘ਅਫਗਾਨਿਸਤਾਨ ਵਿੱਚ ਸ਼ਾਂਤੀ ਲਈ ਅਮਰੀਕਾ ਤੇ ਤਾਲਿਬਾਨ ਦਰਮਿਆਨ ਗੱਲਬਾਤ ਲਈ ਸਾਰੇ ਯਤਨ ਕੀਤੇ ਸਨ।ਉਨ੍ਹਾਂ ਕਿਹਾ ਕਿ ਪਾਕਿਸਤਾਨ ਨੇ ਅੱਤਵਾਦੀ ਸੰਗਠਨਾਂ ਨੂੰ ਨੱਥ ਪਾਉਣ ਲਈ ਵੱਡੇ ਪੱਧਰ ‘ਤੇ ਕਾਨੂੰਨੀ ਅਤੇ ਪ੍ਰਸ਼ਾਸਨਿਕ ਕਦਮ ਚੁੱਕੇ ਹਨ। ਅੱਤਵਾਦੀ ਗਿਰੋਹਾਂ ਤੇ ਵਿਅਕਤੀਆਂ ਦੀਆਂ ਜਾਇਦਾਦਾਂ ਜ਼ਬਤ ਕਰ ਲਈਆਂ ਗਈਆਂ ਹਨ ਤੇ ਉਨ੍ਹਾਂ ਲਈ ਪੈਸੇ ਜਮ੍ਹਾ ਕਰਨ ਦੇ ਰਸਤੇ ਬੰਦ ਕਰ ਦਿੱਤੇ ਗਏ ਹਨ।