ਚੰਡੀਗੜ੍ਹ (ਦੇਵ ਇੰਦਰਜੀਤ) : ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਜਦੋਂ ਤੋਂ 2 ਕਿੱਲੋਵਾਟ ਤੱਕ ਦੇ ਸਾਰੇ ਘਰੇਲੂ ਕੁਨੈਕਸ਼ਨਾਂ ਦੇ ਬਕਾਇਆ ਬਿਜਲੀ ਬਿੱਲਾਂ ਨੂੰ ਮੁਆਫ਼ ਕਰਨ ਦਾ ਐਲਾਨ ਕੀਤਾ ਗਿਆ ਹੈ, ਉਸ ਦੇ ਬਾਅਦ ਤੋਂ ਕਾਂਗਰਸ 'ਤੇ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸਸਤੀ ਬਿਜਲੀ ਮੁਹੱਈਆ ਕਰਵਾਉਣ ਸਬੰਧੀ ਕੀਤੇ ਵਾਅਦੇ ਨੂੰ ਪੂਰਾ ਕਰਨ ਦਾ ਦਬਾਅ ਵੱਧ ਗਿਆ ਹੈ। ਹਾਲਾਂਕਿ ਨਵਜੋਤ ਸਿੱਧੂ ਵੱਲੋਂ ਪਹਿਲਾਂ ਹੀ ਇਸ ਲਈ ਬਿਜਲੀ ਖ਼ਰੀਦ ਸਮਝੌਤੇ ਨੂੰ ਰੱਦ ਕਰਨ ਦੀ ਮੰਗ ਕਰ ਕੀਤੀ ਜਾ ਰਹੀ ਹੈ ਪਰ ਇਸ ਨੂੰ ਲਾਗੂ ਕਰਨ ਵਿੱਚ ਸਮਾਂ ਲੱਗ ਸਕਦਾ ਹੈ।
ਸਰਕਾਰ ਵੱਲੋਂ ਬਿਜਲੀ ਦੇ ਰੇਟ 'ਚ ਕੈਟਾਗਿਰੀ ਦੇ ਹਿਸਾਬ ਨਾਲ ਰੇਟ ਘਟਾਉਣ ਦੀ ਯੋਜਨਾ ਬਣਾਈ ਗਈ ਹੈ। ਇਸ ਦੀ ਪੁਸ਼ਟੀ ਕਰਦਿਆਂ ਵਿਧਾਇਕ ਸੰਜੇ ਤਲਵਾੜ ਨੇ ਕਿਹਾ ਕਿ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੱਲੋਂ ਇਸ ਮੁੱਦੇ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਹੈ। ਸਬੰਧਿਤ ਵਿਭਾਗ ਵੱਲੋਂ ਇਸ ਬਾਰੇ ਹੋਮਵਰਕ ਕੀਤਾ ਜਾ ਰਿਹਾ ਹੈ ਅਤੇ ਛੇਤੀ ਹੀ ਐਲਾਨ ਕੀਤਾ ਜਾ ਸਕਦਾ ਹੈ।
ਕਾਂਗਰਸ ਵੱਲੋਂ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ ਦਲ ਖ਼ਿਲਾਫ਼ ਰੇਤ ਮਾਫ਼ੀਆ ਦਾ ਮੁੱਦਾ ਚੁੱਕਿਆ ਗਿਆ ਸੀ ਪਰ ਕਾਂਗਰਸ ਸਰਕਾਰ ਬਣਨ ਤੋਂ ਬਾਅਦ ਹਾਲਾਤ ਵਿੱਚ ਕੋਈ ਬਦਲਾਅ ਨਹੀਂ ਆਇਆ। ਇਸ ਨੂੰ ਲੈ ਕੇ ਨਵਜੋਤ ਸਿੱਧੂ ਲੰਬੇ ਸਮੇਂ ਤੋਂ ਆਵਾਜ਼ ਚੁੱਕ ਰਹੇ ਹਨ। ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਬਣਨ ਤੋਂ ਤੁਰੰਤ ਬਾਅਦ ਰੇਤ ਮਾਫ਼ੀਆ ਖ਼ਤਮ ਕਰਨ ਦਾ ਦਾਅਵਾ ਕੀਤਾ ਸੀ।
ਇਸ ਦੌਰਾਨ ਲੋਕਾਂ ਨੂੰ ਉਨ੍ਹਾਂ ਦੇ ਖੇਤਾਂ 'ਚੋਂ ਰੇਤ ਕੱਢਣ ਦੀ ਇਜਾਜ਼ਤ ਦੇਣ ਦਾ ਐਲਾਨ ਕੀਤਾ ਗਿਆ ਸੀ। ਆਉਣ ਵਾਲੇ ਦਿਨਾਂ ਵਿੱਚ ਪਹਿਲਾਂ ਤੋਂ ਮਨਜ਼ੂਰਸ਼ੁਦਾ ਖਾਣਾਂ ਵਿੱਚੋਂ ਨਿਕਲਣ ਵਾਲੀ ਰੇਤ ਲਈ ਵੱਧ ਰੇਟ ਤੈਅ ਕੀਤੇ ਜਾ ਸਕਦੇ ਹਨ, ਜਿਸ ਦੇ ਲਈ ਸਰਕਾਰੀ ਮਾਨੀਟਰਿੰਗ ਸਿਸਟਮ ਬਣਾਇਆ ਜਾਵੇਗਾ।