ਸੂਹੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਗੁਰਮਤਿ ਨਗਰੀ ਖੋਜਿ ਖੋਜਾਈ ॥ ਹਰਿ ਹਰਿ ਨਾਮੁ ਪਦਾਰਥੁ ਪਾਈ ॥੧॥ ਮੇਰੈ ਮਨਿ ਹਰਿ ਹਰਿ ਸਾਂਤਿ ਵਸਾਈ ॥ ਤਿਸਨਾ ਅਗਨਿ ਬੁਝੀ ਖਿਨ ਅੰਤਰਿ ਗੁਰਿ ਮਿਲਿਐ ਸਭ ਭੁਖ ਗਵਾਈ ॥੧॥ ਰਹਾਉ ॥ ਹਰਿ ਗੁਣ ਗਾਵਾ ਜੀਵਾ ਮੇਰੀ ਮਾਈ ॥ ਸਤਿਗੁਰਿ ਦਇਆਲਿ ਗੁਣ ਨਾਮੁ ਦ੍ਰਿੜਾਈ ॥੨॥
ਅਰਥ : ਹੇ ਭਾਈ! ਗੁਰੂ ਦੀ ਮੱਤ ਲੈ ਕੇ ਮੈਂ ਆਪਣੇ ਸਰੀਰ-ਨਗਰ ਦੀ ਚੰਗੀ ਤਰ੍ਹਾਂ ਖੋਜ ਕੀਤੀ ਹੈ, ਅਤੇ, (ਸਰੀਰ ਦੇ ਵਿਚੋਂ ਹੀ) ਪਰਮਾਤਮਾ ਦਾ ਕੀਮਤੀ ਨਾਮ ਮੈਂ ਲੱਭ ਲਿਆ ਹੈ ॥੧॥ ਹੇ ਭਾਈ! ਗੁਰੂ ਨੇ ਮੈਨੂੰ ਹਰਿ-ਨਾਮ ਦੀ ਦਾਤ ਦੇ ਕੇ) ਮੇਰੇ ਮਨ ਵਿਚ ਠੰਢ ਪਾ ਦਿੱਤੀ ਹੈ। (ਮੇਰੇ ਅੰਦਰੋਂ) ਇਕ ਛਿਨ ਵਿਚ (ਮਾਇਆ ਦੀ) ਤ੍ਰਿਸ਼ਨਾ ਦੀ ਅੱਗ ਬੁੱਝ ਗਈ ਹੈ। ਗੁਰੂ ਦੇ ਮਿਲਣ ਨਾਲ ਮੇਰੀ ਸਾਰੀ (ਮਾਇਆ ਦੀ) ਭੁੱਖ ਦੂਰ ਹੋ ਗਈ ਹੈ ॥੧॥ ਰਹਾਉ॥ ਹੇ ਮੇਰੀ ਮਾਂ! (ਹੁਣ ਜਿਉਂ ਜਿਉਂ) ਮੈਂ ਪਰਮਾਤਮਾ ਦੇ ਗੁਣ ਗਾਂਦਾ ਹਾਂ, ਮੈਨੂੰ ਆਤਮਕ ਜੀਵਨ ਮਿਲ ਰਿਹਾ ਹੈ। ਦਇਆ ਦੇ ਘਰ ਸਤਿਗੁਰੂ ਨੇ ਮੇਰੇ ਹਿਰਦੇ ਵਿਚ ਪ੍ਰਭੂ ਦੇ ਗੁਣ ਪੱਕੇ ਕਰ ਦਿੱਤੇ ਹਨ, ਪਰਮਾਤਮਾ ਦਾ ਨਾਮ ਪੱਕਾ ਕਰ ਦਿੱਤਾ ਹੈ ॥੨॥