ਨਵੀਂ ਦਿੱਲੀ (ਦੇਵ ਇੰਦਰਜੀਤ)- ਕਰੋਨਾਵਾਇਰਸ ਮਹਾਮਾਰੀ ਖ਼ਿਲਾਫ਼ ਵਿਸ਼ਵ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਸ਼ਨੀਵਾਰ ਭਾਰਤ ਵਿੱਚ ਸ਼ੁਰੂ ਹੋ ਗਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਲੋਕਾਂ ਨੂੰ ਕਰੋਨਾ ਵੈਕਸੀਨ ਬਾਰੇ ਅਫ਼ਵਾਹਾਂ ਤੋਂ ਬਚਣ ਦੀ ਸਲਾਹ ਦਿੱਤੀ।
ਭਾਰਤ ਦੇ ਸਿਹਤ ਮੰਤਰਾਲੇ ਨੇ ਆਪਣੇ ਬਿਆਨ ’ਚ ਕਿਹਾ ਕਿ ਟੀਕਾਕਰਨ ਮੁਹਿੰਮ ਦਾ ਪਹਿਲਾ ਦਿਨ ਸਫਲ ਰਿਹਾ। ਹੁਣ ਤਕ ਟੀਕਾਕਰਨ ਤੋਂ ਬਾਅਦ ਹਸਪਤਾਲ ’ਚ ਭਰਤੀ ਹੋਣ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ। ਸਰਕਾਰ ਨੇ ਮਹਾਮਾਰੀ ਨੂੰ ਮਾਤ ਦੇਣ ਲਈ ਪਹਿਲਾ ਕਦਮ ਚੁੱਕਿਆ ਹੈ ਜਿਸ ਦੇ ਤਹਿਤ ਦੇਸ਼ ਭਰ ਦੇ ਸਿਹਤ ਕੇਂਦਰਾਂ ’ਤੇ ਟੀਕਾਕਰਨ ਦੀ ਸ਼ੁਰੂਆਤ ਹੋ ਗਈ ਹੈ। ਸਿਹਤ ਮੰਤਰਾਲੇ ਨੇ ਦੱਸਿਆ ਕਿ ਸ਼ਨਿਚਰਵਾਰ ਸ਼ਾਮ 5:30 ਵਜੇ ਤਕ ਪੂਰੇ ਦੇਸ਼ ’ਚ 1,65,714 ਲੋਕਾਂ ਨੂੰ ਕੋਵਿਡ ਵੈਕਸੀਨ ਦਾ ਟੀਕਾ ਲਾਇਆ ਗਿਆ ਸੀ।
ਜ਼ਿਕਰਯੋਗ ਹੈ ਕਿ ਪਹਿਲੇ ਪੜਾਅ ’ਚ 3 ਕਰੋੜ ਸਿਹਤ ਕਰਮੀਆਂ ਨੂੰ ਟੀਕਾ ਲਾਇਆ ਜਾਵੇਗਾ। ਡੀਸੀਜੀਆਈ ਨੇ ਸੀਰਮ ਇੰਸਟੀਚਿਊਟ ਦੀ ਕੋਵੀਸ਼ੀਲਡ ਤੇ ਸਵਦੇਸ਼ੀ ਭਾਰਤ ਬਾਓਟੇਕ ਦੀ ਕੋਵੈਕਸੀਨ ਨੂੰ ਐਮਰਜੈਂਸੀ ਇਸਤੇਮਾਲ ਨੂੰ ਮਨਜ਼ੂਰੀ ਦਿੱਤੀ ਹੈ।