ਦਿੱਲੀ (ਦੇਵ ਇੰਦਰਜੀਤ) : ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਬੰਦ ਕਾਰਨ ਸੋਮਵਾਰ ਨੂੰ ਕਰੀਬ 25 ਟਰੇਨਾਂ ਦੀ ਆਵਾਜਾਈ ਪ੍ਰਭਾਵਿਤ ਹੋਈ। ਉੱਤਰ ਰੇਲਵੇ ਨੇ ਇਕ ਬੁਲਾਰੇ ਨੇ ਕਿਹਾ ਕਿ ਦਿੱਲੀ, ਅੰਬਾਲਾ ਅਤੇ ਫਿਰੋਜ਼ਪੁਰ ਡਵੀਜ਼ਨਾਂ ’ਚ 20 ਤੋਂ ਵੱਧ ਥਾਵਾਂ ’ਤੇ ਜਾਮ ਹੈ। ਇਸ ਕਾਰਨ ਕਰੀਬ 25 ਟਰੇਨਾਂ ਦੀ ਆਵਾਜਾਈ ਪ੍ਰਭਾਵਿਤ ਹੋਈ ਹੈ।
ਦਿੱਲੀ-ਅੰਮ੍ਰਿਤਸਰ ਸ਼ਾਨ-ਏ-ਪੰਜਾਬ, ਨਵੀਂ ਦਿੱਲੀ-ਮੋਗਾ ਐਕਸਪ੍ਰੈੱਸ, ਨਵੀਂ ਦਿੱਲੀ ਤੋਂ ਕਟੜਾ ਜਾਣ ਵਾਲੀ ਵੰਦੇ ਭਾਰਤ ਐਕਸਪ੍ਰੈੱਸ ਅਤੇ ਅੰਮ੍ਰਿਤਸਰ ਸ਼ਤਾਬਦੀ ਆਦਿ ਪ੍ਰਭਾਵਿਤ ਟਰੇਨਾਂ ’ਚ ਸ਼ਾਮਲ ਹਨ। ਕਿਸਾਨ ਜਥੇਬੰਦੀਆਂ ਨੇ ਖੇੇਤੀ ਕਾਨੂੰਨਾਂ ਦੇ ਵਿਰੋਧ ’ਚ ਆਪਣੇ ਅੰਦੋਲਨ ਨੂੰ ਹੋਰ ਮਜ਼ਬੂਤ ਕਰਨ ਲਈ ਕਿਸਾਨਾਂ ਨੇ ਅੱਜ ਭਾਰਤ ਬੰਦ ਦੀ ਕਾਲ ਦਿੱਤੀ ਹੈ। ਬੰਦ ਅੱਜ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਰਹੇਗਾ।
ਦੇਸ਼ ਦੇ ਵੱਖ-ਵੱਖ ਹਿੱਸਿਆਂ ਖ਼ਾਸ ਰੂਪ ਤੋਂ ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕਿਸਾਨ, ਪਿਛਲੇ ਸਾਲ ਨਵੰਬਰ ਮਹੀਨੇ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਕੇਂਦਰ ਦੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ।
ਕਿਸਾਨਾਂ ਨੂੰ ਡਰ ਹੈ ਕਿ ਇਸ ਨਾਲ ਘੱਟੋ-ਘੱਟ ਸਮਰਥਨ ਮੁੱਲ ਸਿਸਟਮ ਖ਼ਤਮ ਹੋ ਜਾਵੇਗਾ। ਹਾਲਾਂਕਿ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਖੇਤੀ ਸੁਧਾਰਾਂ ਦੇ ਰੂਪ ਵਿਚ ਪੇਸ਼ ਕਰ ਰਹੀ ਹੈ। ਦੋਹਾਂ ਪੱਖਾਂ ਵਿਚਾਲੇ 11 ਦੌਰ ਦੀ ਗੱਲਬਾਤ ਹੋ ਚੁੱਕੀ ਹੈ ਪਰ ਕੋਈ ਨਤੀਜਾ ਨਹੀਂ ਨਿਕਲਿਆ ਹੈ।