by mediateam
ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਐਲਾਨ ਕਰਦੇ ਹੋਏ ਸ਼ਹਿਰੀ ਖੇਤਰਾਂ ਵਿੱਚ ਪਾਬੰਦੀਆਂ ਜਾਰੀ ਰੱਖਣ ਦਾ ਫੈਸਲਾ ਕੀਤਾ। ਜਿਸ ਵਿੱਚ ਸੂਬੇ ਦੇ ਸਾਰੇ 167 ਮਿਉਂਸਪਲ ਕਸਬਿਆਂ ਵਿੱਚ ਹਫ਼ਤੇ ਦੇ ਅੰਤਲਾ ਲੌਕਡਾਊਨ ਅਤੇ ਸਤੰਬਰ ਮਹੀਨੇ ਦੇ ਅੰਤ ਤੱਕ ਸਮੂਹ ਸ਼ਹਿਰਾਂ ਵਿੱਚ ਰਾਤ 7 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਕਰਫਿਊ ਵੀ ਸ਼ਾਮਲ ਹੈ।
ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਫ਼ੈਸਲਾ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਅਨਲੌਕ 4.0 ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੇਂਦਰ ਸਰਕਾਰ ਨਾਲ ਬਕਾਇਦਾ ਸਲਾਹ-ਮਸ਼ਵਰੇ ਮਗਰੋਂ ਕੀਤਾ ਗਿਆ ਹੈ।
- ਸੂਬੇ ਭਰ 'ਚ ਸਾਰੇ ਸਮਾਜਿਕ, ਸਿਆਸੀ, ਧਾਰਮਿਕ ਇਕੱਠਾਂ, ਧਰਨਿਆਂ ਅਤੇ ਰੋਸ ਮੁਜ਼ਾਹਰਿਆਂ 'ਤੇ ਪਾਬੰਦੀ ਲਾਉਂਦੀ ਸੀ.ਆਰ.ਪੀ.ਸੀ ਦੀ ਧਾਰਾ 144 ਲਾਗੂ ਰਹੇਗੀ
- ਵਿਆਹ ਅਤੇ ਅੰਤਿਮ ਸਸਕਾਰ ਸਬੰਧੀ ਇਕੱਠਾਂ ਵਿੱਚ ਕ੍ਰਮਵਾਰ 30 ਅਤੇ 20 ਵਿਅਕਤੀ ਹੀ ਜਾ ਸਕਣਗੇ।
- ਮਿਉਂਸਪਲ ਖੇਤਰਾਂ 'ਚ ਸ਼ਨਿਚਰਵਾਰ ਅਤੇ ਐਤਵਾਰ ਨੂੰ ਮੁਕੰਮਲ ਕਰਫ਼ਿਊ ਰਹੇਗਾ
- ਵਿਅਕਤੀਆਂ ਦੀ ਪੰਜਾਬ ਦੇ ਸਾਰੇ ਸ਼ਹਿਰਾਂ ਦੀਆਂ ਮਿਉਂਸਪਲ ਹੱਦਾਂ ਵਿੱਚ ਪੂਰੇ ਹਫ਼ਤੇ ਦੌਰਾਨ ਸ਼ਾਮ 7 ਵਜੇ ਤੋਂ ਸਵੇਰੇ 5 ਵਜੇ ਤੱਕ ਸਾਰੇ ਗੈਰ-ਜ਼ਰੂਰੀ ਕੰਮਾਂ ਲਈ ਆਵਾਜਾਈ ਪਾਬੰਦੀ ਤਹਿਤ ਰਹੇਗੀ
- ਲੋਕ-ਸੇਵਾ ਕਮਿਸ਼ਨਾਂ, ਬੋਰਡਾਂ, ਯੂਨੀਵਰਸਿਟੀਆਂ ਦੁਆਰਾ ਲਈਆਂ ਜਾਣ ਵਾਲੀਆਂ ਪ੍ਰਵੇਸ਼ ਅਤੇ ਹੋਰ ਸਭ ਕਿਸਮ ਦੀਆਂ ਪ੍ਰੀਖਿਆਵਾਂ ਦੇ ਸਬੰਧ ਵਿੱਚ ਵਿਦਿਆਰਥੀਆਂ ਅਤੇ ਹੋਰਨਾਂ ਨੂੰ ਬਾਹਰ ਰੱਖਿਆ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਅਜਿਹੇ ਵਿਅਕਤੀਆਂ ਦੀ ਆਵਾਜਾਈ 'ਚ ਮਦਦ ਕਰਨ ਲਈ ਜ਼ਿਲ੍ਹਾ ਅਥਾਰਟੀਆਂ ਨੂੰ ਨਿਰਦੇਸ਼ ਦਿੱਤੇ ਹਨ।
- ਧਾਰਮਿਕ ਸਥਾਨਾਂ ਨੂੰ ਸਾਰੇ ਦਿਨ ਸ਼ਾਮ 6.30 ਵਜੇ ਤੱਕ ਖੁੱਲ੍ਹੇ ਰੱਖਣ ਦੀ ਇਜਾਜ਼ਤ ਹੋਵੇਗੀ ਜਿਵੇਂ ਕਿ ਰੈਸਟੋਰੈਂਟ (ਮਾਲਜ਼ ਵਾਲਿਆਂ ਸਮੇਤ) ਅਤੇ ਸ਼ਰਾਬ ਦੇ ਠੇਕੇ ਖੁੱਲ੍ਹਣਗੇ। ਦਿਨ-ਰਾਤ ਦੀਆਂ ਬੰਦਿਸ਼ਾਂ ਹੋਟਲਾਂ 'ਤੇ ਲਾਗੂ ਨਹੀਂ ਹੋਣਗੀਆਂ।
- ਜ਼ਿਲਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਇਨ੍ਹਾਂ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ।
- ਧਾਰਾ 144 ਦੀ ਉਲੰਘਣਾ ਦੇ ਮਾਮਲੇ ਵਿੱਚ ਪ੍ਰਬੰਧਕਾਂ ਅਤੇ ਹਿੱਸਾ ਲੈਣ ਵਾਲੇ ਪ੍ਰਮੁੱਖ ਵਿਅਕਤੀ ਖਿਲਾਫ ਸਖਤ ਕਾਰਵਾਈ ਹੋਵੇਗੀ।
- ਬੰਦਿਸ਼ਾਂ ਦੀਆਂ ਹਾਲਤਾਂ ਦੌਰਾਨ ਵੀ ਕੌਮੀ ਤੇ ਸੂਬਾਈ ਮਾਰਗਾਂ ਉੱਤੇ ਅੰਤਰ ਸੂਬਾ ਅਤੇ ਸੂਬਾ ਦੇ ਅੰਦਰ ਲੋਕਾਂ ਦੇ ਆਉਣ-ਜਾਣ, ਜ਼ਰੂਰੀ ਵਸਤਾਂ ਉੱਤੇ ਸੇਵਾਵਾਂ ਨਾਲ ਸਬੰਧਤ ਗਤੀਵਿਧੀਆਂ, ਬੱਸ, ਰੇਲ ਗੱਡੀਆਂ ਉੱਤੇ ਹਵਾਈ ਜਹਾਜ਼ਾਂ ਰਾਹੀਂ ਆਪਣੀ ਮੰਜ਼ਿਲ 'ਤੇ ਜਾਣ ਵਾਲੇ ਲੋਕਾਂ ਅਤੇ ਮਾਲ ਉਤਾਰਨ ਤੇ ਲਿਜਾਣ ਲਈ ਆਗਿਆ ਹੋਵੇਗੀ।
- ਜ਼ਰੂਰੀ ਸੇਵਾਵਾਂ ਵਿੱਚ ਸਿਹਤ, ਖੇਤੀਬਾੜੀ ਤੇ ਇਸ ਨਾਲ ਸਬੰਧਤ ਗਤੀਵਿਧੀਆਂ, ਡੇਅਰੀ ਤੇ ਮੱਛੀ ਪਾਲਣ ਗਤੀਵਿਧੀਆਂ, ਬੈਂਕ, ਏ.ਟੀ.ਐਮਜ਼, ਸ਼ੇਅਰ ਬਜ਼ਾਰ, ਬੀਮਾ ਕੰਪਨੀਆਂ, ਆਨਲਾਈਨ ਟੀਚਿੰਗ, ਜਨਤਕ ਸਹੂਲਤਾਂ, ਜਨਤਕ ਟਰਾਂਸਪੋਰਟ, ਮਲਟੀਪਲ ਸ਼ਿਫਟਾਂ ਵਿੱਚ ਉਦਯੋਗ, ਕਿਰਤ ਉਦਯੋਗ, ਸਰਕਾਰੀ ਤੇ ਪ੍ਰਾਈਵੇਟ ਦਫ਼ਤਰ ਆਦਿ ਸ਼ਾਮਲ ਹਨ।
- ਜ਼ਰੂਰੀ ਵਸਤਾਂ ਨਾਲ ਸਬੰਧ ਰੱਖਣ ਵਾਲਿਆਂ ਨੂੰ ਛੱਡ ਕੇ ਦੁਕਾਨਾਂ-ਮਾਲਜ਼ ਨੂੰ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸ਼ਾਮ 6.30 ਵਜੇ ਤੱਕ ਖੋਲ੍ਹਣ ਦੀ ਇਜਾਜ਼ਤ ਹੋਵੇਗੀ, ਪਰ ਸ਼ਨਿਚਰਵਾਰ ਤੇ ਐਤਵਾਰ ਨੂੰ ਸਾਰੇ ਸ਼ਹਿਰਾਂ ਵਿੱਚ ਇਹ ਬੰਦ ਰਹਿਣਗੇ।
- ਜ਼ਰੂਰੀ ਵਸਤਾਂ ਨਾਲ ਸਬੰਧਤ ਦੁਕਾਨਾਂ ਹਫਤੇ ਦੇ ਅੰਤਲੇ ਦਿਨਾਂ (ਸ਼ਨਿਚਰਵਾਰ ਤੇ ਐਤਵਾਰ) ਵਿੱਚ ਵੀ ਸ਼ਾਮ 6.30 ਵਜੇ ਤੱਕ ਜ਼ਰੂਰ ਖੁੱਲ੍ਹ ਸਕਦੀਆਂ ਹਨ।
- ਵਾਹਨਾਂ ਵਿੱਚ ਸਵਾਰੀਆਂ ਦੀ ਸਮਰੱਥਾ ਉਤੇ ਲਗਾਈਆਂ ਬੰਦਿਸ਼ਾਂ ਲਾਗੂ ਰਹਿਣਗੀਆਂ।
- ਸਾਰੀਆਂ ਬੱਸਾਂ ਤੇ ਜਨਤਕ ਟਰਾਂਸਪੋਰਟ ਵਾਹਨ 50 ਫੀਸਦੀ ਸਮਰੱਥਾ ਨਾਲ ਚੱਲਣਗੇ ਜਿਨ੍ਹਾਂ ਵਿੱਚ ਕੋਈ ਵੀ ਵਿਅਕਤੀ ਖੜ੍ਹਾ ਨਹੀਂ ਸਫਰ ਕਰੇਗਾ।
- ਸਰਕਾਰੀ ਤੇ ਪ੍ਰਾਈਵੇਟ ਦਫਤਰ ਇਸ ਮਹੀਨੇ ਦੇ ਅੰਤ ਤੱਕ 50 ਫੀਸਦੀ ਸਟਾਫ ਸਮਰੱਥਾ ਨਾਲ ਕੰਮ ਕਰਨਗੇ।
- ਬੁਰੀ ਤਰ੍ਹਾਂ ਪ੍ਰਭਾਵਿਤ ਪੰਜ ਸ਼ਹਿਰਾਂ ਅੰਮ੍ਰਿਤਸਰ, ਜਲੰਧਰ, ਪਟਿਆਲਾ, ਮੁਹਾਲੀ ਤੇ ਲੁਧਿਆਣਾ ਵਿੱਚ ਦੁਕਾਨਾਂ ਖੋਲ੍ਹਣ ਦੇ ਸਬੰਧ ਵਿੱਚ ਢਿੱਲ ਦੇ ਹੁਕਮ ਦਿੱਤੇ ਹੋਏ ਹਨ।