ਨਿਊਜ਼ ਡੈਸਕ (ਰਿੰਪੀ ਸ਼ਰਮਾ) : ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਕਾਂਡ ਦੇ ਮੁਲਜ਼ਮ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰ ਦਿੱਤੀ ਗਈ ਹੈ। ਵਕੀਲ ਸ਼ਿਵਕੁਮਾਰ ਤ੍ਰਿਪਾਠੀ ਤੇ ਸੀਐਸ ਪਾਂਡਾ ਨੇ ਇਲਾਹਾਬਾਦ ਹਾਈ ਕੋਰਟ ਦੇ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮੰਤਰੀ ਅਜੇ ਮਿਸ਼ਰਾ ਤੋਂ ਹੁਣ ਤੱਕ ਇਸ ਮਾਮਲੇ ਵਿੱਚ ਕੋਈ ਪੁੱਛਗਿੱਛ ਨਹੀਂ ਹੋਈ ਹੈ।
ਜ਼ਿਕਰਯੋਗ ਹੈ ਕਿ ਅਸ਼ੀਸ਼ ਮਿਸ਼ਰਾ 15 ਫਰਵਰੀ ਨੂੰ ਇਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਤੋਂ ਜ਼ਮਾਨਤ ਲੈ ਕੇ ਜੇਲ੍ਹ ਤੋਂ ਬਾਹਰ ਆਏ ਸਨ। ਆਸ਼ੀਸ਼ ਮਿਸ਼ਰਾ 'ਤੇ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੋਨੀਆ ਪਿੰਡ 'ਚ ਪਿਛਲੇ ਸਾਲ 3 ਅਕਤੂਬਰ ਨੂੰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਜੀਪ ਨਾਲ ਕੁਚਲਣ ਦਾ ਦੋਸ਼ ਹੈ। ਇਸ ਕਾਰਨ ਦੇਸ਼ ਭਰ ਵਿਚ ਅਜੇ ਮਿਸ਼ਰਾ ਖ਼ਿਲਾਫ਼ ਰੋਸ ਲਹਿਰ ਚੱਲ ਪਈ ਸੀ ਅਤੇ ਉਨ੍ਹਾਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਲਈ ਕਿਹਾ ਜਾ ਰਿਹਾ ਸੀ, ਜਿਸ ਤੋਂ ਬਾਅਦ ਆਸ਼ੀਸ਼ ਮਿਸ਼ਰਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।