ਹੁਸ਼ਿਆਰਪੁਰ (ਰਾਘਵ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੇ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ ਦੇ ਗੜ੍ਹਸ਼ੰਕਰ ਥਾਣੇ ਵਿੱਚ ਤਾਇਨਾਤ ਹੌਲਦਾਰ ਕਿੰਦਰ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਮਾਮਲੇ ਵਿੱਚ ਸਹਿ ਮੁਲਜ਼ਮ ਐੱਸ.ਐੱਚ.ਓ. ਬਲਜਿੰਦਰ ਸਿੰਘ ਮੱਲੀ ਗ੍ਰਿਫਤਾਰੀ ਤੋਂ ਬਚ ਕੇ ਮੌਕੇ ਤੋਂ ਫਰਾਰ ਹੋ ਗਿਆ। ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਖਿਲਾਫ ਜ਼ਿਲ੍ਹਾ ਰੂਪਨਗਰ ਦੀ ਨੰਗਲ ਸਬ-ਡਵੀਜ਼ਨ ਦੀ ਵਸਨੀਕ ਹਰਦੀਪ ਕੌਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਕਤ ਦੋਸ਼ੀ ਐੱਸ.ਐੱਚ.ਓ. ਇੰਸਪੈਕਟਰ ਬਲਜਿੰਦਰ ਸਿੰਘ ਮੱਲੀ ਦੇ ਨਾਂ 'ਤੇ ਉਸ (ਹਰਦੀਪ ਕੌਰ) ਦੇ ਭਰਾ ਨੂੰ ਨਸ਼ੇ ਦੇ ਕੇਸ 'ਚ ਸ਼ਾਮਲ ਨਾ ਕਰਨ 'ਤੇ 1 ਲੱਖ ਰੁਪਏ ਦੀ ਮੰਗ ਕੀਤੀ ਗਈ ਸੀ, ਜਿਸ ਨੂੰ ਪੁਲਸ ਨੇ ਲੜਾਈ-ਝਗੜੇ ਦੇ ਮਾਮਲੇ 'ਚ ਹੋਰਨਾਂ ਸਮੇਤ ਗ੍ਰਿਫਤਾਰ ਕੀਤਾ ਸੀ। ਬਾਅਦ ਵਿੱਚ 50,000 ਰੁਪਏ ਵਿੱਚ ਸੌਦਾ ਤੈਅ ਹੋ ਗਿਆ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਹੁਸ਼ਿਆਰਪੁਰ ਯੂਨਿਟ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਕਾਰਵਾਈ ਦੌਰਾਨ ਐੱਸ.ਐੱਚ.ਓ. ਬਲਜਿੰਦਰ ਸਿੰਘ ਮੱਲੀ ਗ੍ਰਿਫਤਾਰੀ ਤੋਂ ਬਚ ਕੇ ਮੌਕੇ ਤੋਂ ਫਰਾਰ ਹੋ ਗਿਆ। ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਜਲੰਧਰ ਰੇਂਜ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।