ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਅਸੈਂਬਲੀ ਚੋਣਾਂ ਤੋਂ ਪਹਿਲਾਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਦਰਅਸਲ ਐਡੀਸ਼ਨਲ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਹਰਸਿਮਰਨਜੀਤ ਸਿੰਘ ਦੀ ਅਦਾਲਤ ਨੇ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਦੇ ਇਕ ਕੇਸ ’ਚ ਪੇਸ਼ ਨਾ ਹੋਣ ਦਾ ਸਖ਼ਤ ਨੋਟਿਸ ਲੈਂਦੇ ਹੋਏ ਉਸ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਦੇ ਹੁਕਮ ਦਿੱਤੇ ਹਨ।
ਦਰਅਸਲ ਅਗਸਤ 2020 ’ਚ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਕੋਰੋਨਾ ਦੇ ਮੱਦੇਨਜ਼ਰ ਗਾਈਡਲਾਈਨਜ਼ ਜਾਰੀ ਕੀਤੀ ਸਨ, ਪਰ ਸਿਮਰਜੀਤ ਸਿੰਘ ਬੈਂਸ ਵੱਲੋਂ ਪੁਲਿਸ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਧਰਨਾ ਦੇਣ ਤੇ ਕੋਰੋਨਾ ਗਾਈਡਲਾਈਨਜ਼ ਨੂੰ ਤੋੜਨ ਦੇ ਮਾਮਲੇ ’ਚ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਦਾ ਆਦੇਸ਼ ਦਿੱਤਾ ਗਿਆ ਹੈ। ਧਰਨੇ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਥਿਤ ਤੌਰ ’ਤੇ ਮਾਸਕ ਨਹੀਂ ਪਾਇਆ ਸੀ ਤੇ ਸਮਾਜਿਕ ਦੂਰੀ ਬਣਾ ਕੇ ਰੱਖਣ ’ਚ ਨਾਕਾਮ ਰਹੇ ਸਨ। ਇਸ ਤਰ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਆਦੇਸ਼ਾਂ ਦੀ ਕਥਿਤ ਤੌਰ ’ਤੇ ਸ਼ਰੇਆਮ ਧੱਜੀਆਂ ਉਡਾਈਆਂ ਗਈਆਂ ਸਨ।