22 ਨੂੰ ਪੰਜਾਬ ‘ਚ ਪੈਟਰੋਲ ਪੰਪ ਬੰਦ ਰਹਿਣਗੇ ਜਾਂ ਨਹੀਂ? ਜਾਣੋ ਕੀ ਹੈ ਡੀਲਰਾਂ ਦਾ ਨਵਾਂ ਪਲਾਨ

by jaskamal

ਪੱਤਰ ਪ੍ਰੇਰਕ : ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਪੰਜਾਬ ਦੋਆਬਾ ਗਰੁੱਪ ਵੱਲੋਂ 22 ਫਰਵਰੀ ਨੂੰ ਪੰਜਾਬ ਭਰ ਦੇ ਪੈਟਰੋਲ ਪੰਪ ਬੰਦ ਕਰਕੇ ਹੜਤਾਲ ਕਰਨ ਦਾ ਫੈਸਲਾ ਲਿਆ ਗਿਆ ਹੈ। ਹੁਣ ਦੇਸ਼ ਦੀਆਂ ਤਿੰਨ ਵੱਡੀਆਂ ਪੈਟਰੋਲੀਅਮ ਕੰਪਨੀਆਂ ਇੰਡੀਅਨ ਆਇਲ, ਹਿੰਦੁਸਤਾਨ ਪੈਟਰੋਲੀਅਮ ਅਤੇ ਭਾਰਤ ਪੈਟਰੋਲੀਅਮ ਕੰਪਨੀ ਦੇ ਉੱਚ ਅਧਿਕਾਰੀਆਂ ਨਾਲ 22 ਤਰੀਕ ਨੂੰ ਹੋਣ ਵਾਲੀ ਮੀਟਿੰਗ ਕਾਰਨ ਇਸ ਨੂੰ ਫਿਲਹਾਲ ਟਾਲ ਦਿੱਤਾ ਗਿਆ ਹੈ।

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਪਰਮਜੀਤ ਸਿੰਘ ਦੋਆਬਾ ਨੇ ਦੱਸਿਆ ਕਿ ਪੈਟਰੋਲੀਅਮ ਕੰਪਨੀਆਂ ਦੇ ਉੱਚ ਅਧਿਕਾਰੀਆਂ ਨੇ ਭਰੋਸਾ ਦਿੱਤਾ ਹੈ ਕਿ 22 ਫਰਵਰੀ ਨੂੰ ਮੁੰਬਈ ਵਿੱਚ ਹੋਣ ਵਾਲੀ ਮੀਟਿੰਗ ਵਿੱਚ ਪੈਟਰੋਲ ਪੰਪ ਡੀਲਰਾਂ ਨੂੰ ਵੱਡੀ ਰਾਹਤ ਦਿੱਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਡੀਲਰਾਂ ਨਾਲ ਪੈਟਰੋਲੀਅਮ ਕੰਪਨੀਆਂ ਦੀ ਆਖਰੀ ਮੀਟਿੰਗ ਸਾਲ 2018 ਵਿੱਚ ਹੋਈ ਸੀ।

ਪਿਛਲੇ ਲੰਬੇ ਸਮੇਂ ਤੋਂ ਤੇਲ ਕੰਪਨੀਆਂ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ ਪੈਟਰੋਲੀਅਮ ਵਪਾਰੀਆਂ ਨੂੰ ਦਿੱਤੇ ਜਾਣ ਵਾਲੇ ਕਮਿਸ਼ਨ ਦੀ ਰਕਮ 'ਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ। ਇਸ ਦੇ ਵਿਰੋਧ 'ਚ ਡੀਲਰਾਂ ਨੇ ਕੇਂਦਰ ਦੀ ਮੋਦੀ ਸਰਕਾਰ, ਪੈਟਰੋਲੀਅਮ ਮੰਤਰਾਲੇ, ਸੂਬਾ ਸਰਕਾਰ ਸਮੇਤ ਤੇਲ ਕੰਪਨੀਆਂ ਦੇ ਅਧਿਕਾਰੀਆਂ ਨੂੰ ਕਈ ਵਾਰ ਮੰਗ ਪੱਤਰ ਸੌਂਪੇ ਪਰ ਕੋਈ ਸੁਣਵਾਈ ਨਹੀਂ ਹੋਈ, ਜਿਸ ਦੇ ਵਿਰੋਧ 'ਚ ਪੰਜਾਬ ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ 22 ਫਰਵਰੀ ਨੂੰ ਹੜਤਾਲ 'ਤੇ ਚਲੇ ਗਏ ਹਨ।ਇਹ ਫੈਸਲਾ ਲਿਆ ਗਿਆ ਹੈ।