ਕਾਲੇ ਖ਼ੇਤੀ ਕਾਨੂੰਨਾਂ ਨੂੰ ਲੈ ਹੁਣ ਯੋਗੀ ਸਰਕਾਰ ਨੂੰ ਘੇਰਾਂਗੇ : ਰਾਕੇਸ਼ ਟਿਕੈਤ

by vikramsehajpal

ਗਾਜ਼ੀਪੁਰ (ਦੇਵ ਇੰਦਰਜੀਤ) : ਕੇਂਦਰ ਸਰਕਾਰ ਵਲੋਂ ਲਾਗੂ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਵੱਡਾ ਬਿਆਨ ਦਿੱਤਾ ਹੈ। ਟਿਕੈਤ ਨੇ ਵੀਰਵਾਰ ਯਾਨੀ ਕਿ ਅੱਜ ਕਿਹਾ ਕਿ ਹੁਣ ਉਨ੍ਹਾਂ ਦੇ ਨਿਸ਼ਾਨੇ ’ਤੇ ਉੱਤਰ ਪ੍ਰਦੇਸ਼ ਦੀ ਸਰਕਾਰ ਹੈ ਅਤੇ ਉਨ੍ਹਾਂ ਦੀ ਜਥੇਬੰਦੀ ਸੂਬੇ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ 2022 ’ਚ ਭਾਜਪਾ ਨੂੰ ਕੁਰਸੀ ਤੋਂ ਉਤਾਰ ਕੇ ਹੀ ਸਾਹ ਲਵੇਗੀ।

ਟਿਕੈਤ ਨੇ ਪੱਤਰਕਾਰਾਂ ਨਾਲ ਗੱਲਬਾਤ ਵਿਚ ਕਿਹਾ ਕਿ ਉੱਤਰ ਪ੍ਰਦੇਸ਼ ਦੀ ਯੋਗੀ ਆਦਿੱਤਿਆਨਾਥ ਸਰਕਾਰ ਹੁਣ ਭਾਰਤੀ ਕਿਸਾਨ ਯੂਨੀਅਰ ਦੇ ਨਿਸ਼ਾਨੇ ’ਤੇ ਹੈ। ਜਥੇਬੰਦੀ ਵਿਧਾਨ ਸਭਾ ਚੋਣਾਂ 2022 ’ਚ ਭਾਜਪਾ ਖ਼ਿਲਾਫ਼ ਮੋਰਚਾ ਖੋਲ੍ਹੇਗੀ ਅਤੇ ਇਸ ਸਰਕਾਰ ਨੂੰ ਹਟਾ ਕੇ ਹੀ ਸਾਹ ਲਵੇਗੀ। ਸਮਾਜਵਾਦੀ ਪਾਰਟੀ (ਸਪਾ) ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖਾ ਦੇ ਘਰ ਇਕ ਨਿੱਜੀ ਪ੍ਰੋਗਰਾਮ ਵਿਚ ਸ਼ਿਰਕਤ ਕਰਨ ਆਏ ਟਿਕੈਤ ਨੇ ਕਿਹਾ ਕਿ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਵਿਚ ਭਾਰਤੀ ਕਿਸਾਨ ਯੂਨੀਅਨ ਭਾਜਪਾ ਖ਼ਿਲਾਫ਼ ਮਾਹੌਲ ਬਣਾਉਣ ’ਚ ਸਫ਼ਲ ਰਹੀ ਸੀ, ਨਤੀਜੇ ਵਜੋਂ ਪਾਰਟੀ ਨੂੰ ਹਾਰ ਦਾ ਮੂੰਹ ਵੇਖਣਾ ਪਿਆ ਸੀ। ਠੀਕ ਉਸੇ ਤਰ੍ਹਾਂ ਉੱਤਰ ਪ੍ਰਦੇਸ਼ ਵਿਚ ਵੀ ਕੀਤਾ ਜਾਵੇਗਾ।

ਟਿਕੈਤ ਨੇ ਸਪੱਸ਼ਟ ਕੀਤਾ ਕਿ ਭਾਰਤੀ ਕਿਸਾਨ ਯੂਨੀਅਨ ਨਾ ਤਾਂ ਚੋਣ ਲੜੇਗੀ ਅਤੇ ਨਾ ਹੀ ਕਿਸੇ ਪਾਰਟੀ ਦਾ ਸਮਰਥਨ ਕਰੇਗੀ ਪਰ ਸੱਤਾਧਾਰੀ ਭਾਜਪਾ ਖ਼ਿਲਾਫ਼ ਮਾਹੌਲ ਬਣਾਉਣ ਦਾ ਕੰਮ ਜ਼ਰੂਰ ਕਰੇਗੀ। ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਅੰਦੋਲਨ ਦਾ ਜ਼ਿਕਰ ਕਰਦਿਆਂ ਟਿਕੈਤ ਨੇ ਕਿਹਾ ਕਿ ਕੇਂਦਰ ਸਰਕਾਰ ਕੋਲ ਹੁਣ ਵੀ ਸਮਾਂ ਹੈ। ਉਹ ਤਿੰਨੋਂ ਕਾਨੂੰਨ ਵਾਪਸ ਲੈ ਲਵੇ। ਟਿਕੈਤ ਨੇ ਕਿਹਾ ਕਿ ਆਉਣ ਵਾਲੀ 5 ਸਤੰਬਰ ਨੂੰ ਮੁਜ਼ੱਫਰਨਗਰ ’ਚ ਕਿਸਾਨ ਮੋਰਚਾ ਦੀ ਮਹਾਪੰਚਾਇਤ ’ਚ ਕਿਸਾਨ ਅੰਦੋਲਨ ਦੀ ਅੱਗੇ ਦੀ ਰੂਪ-ਰੇਖਾ ਤਿਆਰ ਕੀਤੀ ਜਾਵੇਗੀ।